ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਰਮ ਅਧਿਐਨ ਵਿਚ ਐਮ.ਏ ਕਰਨ ਵਾਲੇ
ਵਿਦਿਆਰਥੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਾਲਾਨਾ ਵਜ਼ੀਫ਼ਾ ਰਾਸ਼ੀ ਦੇ ਚੈਕ ਦਿੱਤੇ ਗਏ।ਇਹ ਚੈਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਦਾਨ ਕੀਤੇ।ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਬੀਬੀ ਕਿਰਨਜੋਤ ਕੌਰ, ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਮ.ਏ ਧਰਮ ਅਧਿਐਨ ਦੇ ਵਿਦਿਆਰਥੀਆਂ ਨੂੰ ਪ੍ਰਤੀ ਸਾਲਾਨਾ 24 ਹਜ਼ਾਰ ਰੁਪਏ ਵਜ਼ੀਫ਼ਾ ਦੇਣ ਦਾ ਫੈਸਲਾ ਕੀਤਾ ਹੋਇਆ ਹੈ।ਇਸੇ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਸੌਂਪੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਧਰਮ ਦੇ ਖੇਤਰ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾਂ ਮੱਦਦਗਾਰ ਰਹੀ ਹੈ।ਵੱਖ-ਵੱਖ ਯੂਨੀਵਰਸਿਟੀਆਂ ਵਿਚ ਧਰਮ ਅਧਿਐਨ ਦੀ ਐਮ.ਏ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ 24 ਹਜ਼ਾਰ ਵਜ਼ੀਫ਼ੇ ਤੋਂ ਇਲਾਵਾ ਧਾਰਮਿਕ ਪ੍ਰੀਖਿਆ ਰਾਹੀਂ ਵੀ ਹਜ਼ਾਰਾਂ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫ਼ੇ ਅਤੇ ਸਨਮਾਨ ਪੱਤਰ ਦਿੱਤੇ ਜਾਂਦੇ ਹਨ।ਬੀਬੀ ਜਗੀਰ ਕੌਰ ਨੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਧਰਮ ਦੇ ਖੇਤਰ ਵਿਚ ਉੱਚ ਵਿਦਿਆ ਪ੍ਰਾਪਤ ਕਰਨ ਲਈ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ।
ਇਸ ਮੌਕੇ ਮੀਤ ਸਕੱਤਰ ਸਿਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ, ਇੰਚਾਰਜ਼ ਡਾ. ਅਮਰਜੀਤ ਕੌਰ ਆਦਿ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media