Saturday, May 30, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਾਲ ਭਿੱਖਿਆ ਖਿਲਾਫ਼ ਕੱਢੀ ਜਾਗਰੂਕਤਾ ਰੈਲੀ

ਭੀਖ ਮੰਗਣ ਵਾਲੇ ਬੱਚਿਆਂ ਨੂੰ ਦਿੱਤੀ ਜਾਵੇਗੀ ਨਵੀਂ ਜ਼ਿੰਦਗੀ – ਜ਼ਿਲ੍ਹਾ ਤੇ ਸੈਸ਼ਨ ਜੱਜ

ਨਵਾਂਸ਼ਹਿਰ, 12 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਅੱਜ ਇਕ ਨਿਵੇਕਲੀ ਪਹਿਲ ਤਹਿਤ ਬਾਲ ਭਿੱਖਿਆ ਖਿਲਾਫ਼ ਇਕ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਨੂੰ ਸਮੂਹ ਜੁਡੀਸ਼ੀਅਲ ਅਫ਼ਸਰਾਂ ਦੀ ਮੌਜ਼ੂਦਗੀ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਨੇ ਸਥਾਨਕ ਜੁਡੀਸ਼ੀਅਲ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਬਾਲ ਭਿੱਖਿਆ ਨੂੰ ਰੋਕਣ ਦਾ ਸੰਦੇਸ਼ ਦਿੰਦੀ ਹੋਈ ਇਹ ਰੈਲੀ ਚੰਡੀਗੜ੍ਹ ਚੌਕ ਅਤੇ ਅੰਬੇਡਕਰ ਚੌਕ ਹੁੰਦੀ ਹੋਈ ਵਾਪਸ ਜੁਡੀਸ਼ੀਅਲ ਕੰਪਲੈਕਸ ਵਿਖੇ ਆ ਕੇ ਸਮਾਪਤ ਹੋਈ।ਰੈਲੀ ਵਿਚ ਸ਼ਾਮਲ ਪੈਰਾ ਲੀਗਲ ਵਲੰਟੀਅਰਾਂ, ਸਾਂਝ ਕੇਂਦਰ ਦੇ ਮੁਲਾਜ਼ਮਾਂ ਅਤੇ ਵੱਖ-ਵੱਖ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਹੱਥਾਂ ਵਿਚ ਭੀਖ ਨਾ ਮੰਗਣ ਅਤੇ ਭੀਖ ਨਾ ਦੇ ਕੇ ਬੱਚਿਆਂ ਨੂੰ ਕਿਤਾਬਾਂ ਦੇਣ ਦੇ ਸਲੋਗਨਾਂ ਵਾਲੀਆਂ ਤਖਤੀਆਂ ਫੜੀਆਂ ਹੋਈਆਂ ਸਨ।
                  ਰੈਲੀ ਨੂੰ ਰਵਾਨਾ ਕਰਨ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇਕ ਕਾਨੂੰਨੀ ਅਪਰਾਧ ਹੈ ਅਤੇ ਉਨ੍ਹਾਂ ਨੂੰ ਭੀਖ ਦੇ ਕੇ ਇਸ ਅਪਰਾਧ ਨੂੰ ਵਧਾਵਾ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਭੀਖ ਮੰਗਣ ਵਾਲੇ ਬੱਚਿਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੇਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਇਸ ਮੁਹਿੰਮ ਤਹਿਤ ਭੀਖ ਮੰਗਣ ਵਾਲੇ ਬੱਚਿਆਂ ਨੂੰ ਸ਼ੈਲਟਰ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਸਿੱਖਿਆ ਪ੍ਰਦਾਨ ਕਰਵਾਉਣ ਲਈ ਸਹਿਯੋਗ ਦਿੱਤਾ ਜਾਵੇਗਾ।ਬਾਲ ਮਜ਼ਦੂਰੀ ਖਿਲਾਫ਼ ਵੀ ਸਖਤੀ ਵਰਤੀ ਜਾਵੇਗੀ ਅਤੇ ਜੋ ਲੋਕ ਛੋਟੇ ਬੱਚਿਆਂ ਨੂੰ ਬਾਲ ਮਜ਼ਦੂਰੀ ਕਰਵਾਉਂਦੇ ਜਾਂ ਭੀਖ ਮੰਗਵਾਉਂਦੇ ਹਨ, ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
                     ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਨੂੰ 5 ਸਾਲ ਤੱਕ ਦੀ ਕੈਦ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।ਅਜਿਹੇ ਲੋੜਵੰਦ ਬੱਚਿਆਂ ਦੀ ਮਦਦ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
                   ਇਸ ਮੌਕੇ ਜ਼ਿਲ੍ਹਾ ਜੁਡੀਸ਼ੀਅਲ ਕੋਰਟ ਦੇ ਸਮੂਹ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਮੁੱਚਾ ਸਟਾਫ ਹਾਜ਼ਰ ਸੀ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …