ਐਸ.ਡੀ.ਐਮ ਸੁਲਤਾਨਪੁਰ ਲੋਧੀ ਨੂੰ ਇਕ ਹਫਤੇ ਅੰਦਰ ਰਿਪੋਰਟ ਸੌਂਪਣ ਦੇ ਹੁਕਮ
ਕਪੂਰਥਲਾ, 13 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਅੰਦਰ ਪੈਂਦੇ ਪਿੰਡਾਂ ਵਿਚ
ਰਾਸ਼ਟਰੀ ਖਾਧ ਸੁਰੱਖਿਆ ਨਿਯਮ ਤਹਿਤ ਵੰਡੇ ਜਾ ਰਹੇ ਆਟਾ ਦਾਲ ਦੀ ਪੜਤਾਲ ਦੇ ਹੁਕਮ ਦਿੱਤੇ ਗਏ ਹਨ।
ਪਿੰਡ ਕਮਾਲਪੁਰ ਤੇ ਹੋਰਨਾਂ ਕੁੱਝ ਥਾਵਾਂ ਤੋਂ ਆਟਾ ਦਾਲ ਦੀ ਵੰਡ ਵਿੱਚ ਊਣਤਾਈਆਂ ਹੋਣ ਸਬੰਧੀ ਮਿਲੀਆਂ ਸ਼ਿਕਾਇਤਾਂ ’ਤੇ ਡਿਪਟੀ ਕਮਿਸ਼ਨਰ ਵਲੋਂ ਤੁਰੰਤ ਐਸ.ਡੀ.ਐਮ ਸੁਲਤਾਨਪੁਰ ਲੋਧੀ ਨੂੰ ਪੜਤਾਲ ਦੇ ਨਿਰਦੇਸ਼ ਦਿੱਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ ਇਹ ਪੜਤਾਲ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਅੰਦਰ ਨਿੱਜੀ ਪੱਧਰ ’ਤੇ ਕਰਨ ਲਈ ਕਿਹਾ ਗਿਆ ਹੈ ਅਤੇ ਪੜਤਾਲੀਆ ਰਿਪੋਰਟ 7 ਦਿਨਾਂ ਦੇ ਅੰਦਰ-ਅੰਦਰ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਸੌਂਪਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਆਟਾ ਦਾਲ ਦੀ ਵੰਡ ਪੰਜਾਬ ਸਰਕਾਰ ਦੀ ਲੋਕ ਭਲਾਈ ਵਾਲੀ ਯੋਜਨਾ ਹੈ, ਜਿਸ ਤਹਿਤ ਸਮਾਜ ਦੇ ਲੋੜਵੰਦ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਆਦਿ ਵਿੱਚ ਕੋਈ ਵੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਰਿਪੋਰਟ ਮਿਲਣ ’ਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
Punjab Post Daily Online Newspaper & Print Media