ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ।ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।ਗੁਰਮਤਿ ਸਮਾਗਮ ਸਮੇਂ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ।ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਖਰਾਜ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਮਲਕੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media