ਧੂਰੀ, 17 ਜੂਨ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਨੇ ਬਹੁਜਨ ਸਮਾਜ ਪਾਰਟੀ ਨਾਲ 2022 ਦੀਆਂ ਚੋਣਾਂ ਤੋਂ ਪਹਿਲਾਂ ਗੱਠਜੋੜ ਕਰਕੇ ਚੋਣਾਂ ਤੋਂ ਪਹਿਲਾਂ
ਹੀ ਆਪਣੀ ਹਾਰ ਕਬੂਲ ਲਈ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਸਤਿੰਦਰ ਸਿੰਘ ਚੱਠਾ ਨੇ ਕਿਹਾ ਕਿ ਨਵਾਂ ਗੱਠਜੋੜ ਇਸ ਗੱਲ ਦਾ ਸੰਕੇਤ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਲੀਡਰਸ਼ਿਪ ਨੂੰ ਆਉਣ ਵਾਲੀਆਂ 2022 ਦੀਆਂ ਚੋਣਾਂ ਦਾ ਡਰ ਸਤਾ ਰਿਹਾ ਹੈ।ਉਹਨਾਂ ਕਿਹਾ ਕਿ ਜਿੱਥੇ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਵਿੱਚ ਹੋਏ ਬੇਅਦਬੀ ਕਾਂਡ ਦੇ ਜ਼ਖਮ ਲੋਕਾਂ ਦੇ ਮਨਾਂ ‘ਤੇ ਅੱਜ ਵੀ ਹਰੇ ਹਨ, ੳੱਥੇ ਹੀ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਕੇਂਦਰ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਦਿੱਤੇ ਬਿਆਨ ਕਿਸਾਨਾਂ ਨੂੰ ਅੱਜ ਵੀ ਰੜਕ ਰਹੇ ਹਨ, ਜਿਸ ਦੇ ਚੱਲਦਿਆਂ ਇਸ ਵਾਰ 2022 ਦੀਆਂ ਚੋਣਾਂ ਵਿੱਚ ਸੂਬੇ ਦੇ ਅਮਨ-ਪਸੰਦ ਲੋਕ ਅਕਾਲੀ-ਬਸਪਾ ਗੱਠਜੋੜ ਅਤੇ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ ਅਤੇ ਨਿਵੇਕਲਾ ਬਦਲ ਚੁਣ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣਗੇ।ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਿੱਚੋਂ ਸੀਨੀਅਰ ਟਕਸਾਲੀ ਆਗੂਆਂ ਦੇ ਕਿਨਾਰਾ ਕਰ ਜਾਣ ਮਗਰੋਂ ਅਕਾਲੀ ਦਲ (ਬ) ਖਾਲੀ ਦਲ ਬਣ ਕੇ ਹੀ ਰਹਿ ਗਿਆ ਹੈ।ਇਸੇ ਲਈ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਇਹ ਭੁਲੇਖਾ ਹੈ ਕਿ ਬਸਪਾ ਦਾ ਵੋਟ ਉਸ ਦੀ ਡੁੱਬਦੀ ਬੇੜੀ ਨੂੰ ਪਾਰ ਲਗਾ ਦੇਵੇਗਾ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media