Thursday, May 8, 2025
Breaking News

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈਬ ਸੀਰੀਜ਼ ‘ਗ੍ਰਹਿਣ’ ’ਤੇ ਲਾਈ ਜਾਵੇ ਤੁਰੰਤ ਰੋਕ -ਬੀਬੀ ਜਗੀਰ ਕੌਰ

ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜ਼ਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ਉਸ ‘ਤੇ ਤੁਰੰਤ ਰੋਕ ਲਗਾਈ ਜਾਵੇ।
                   ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਇਤਰਾਜ਼ਯੋਗ ਢੰਗ ਨਾਲ ਦਿਖਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ।ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜ਼ਨੀ+ਹਾਟਸਟਾਰ ਦੇ ਮੁੱਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ।ਉਨ੍ਹਾਂ ਕਿਹਾ ਕਿ ਇਸ ਵੈਬ ਸੀਰੀਜ਼ ਰਾਹੀਂ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇਗੀ।ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨਾਲ ਸਮਾਜ ਅੰਦਰ ਫਿਰਕਿਆਂ ਦੀ ਸਾਂਝੀਵਾਲਤਾ ਨੂੰ ਵੀ ਗਹਿਰੀ ਸੱਟ ਵੱਜਦੀ ਹੈ।ਇਸ ਲਈ ਅਜਿਹੇ ਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਰੁਝਾਨਾਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਆਈ.ਟੀ ਨਿਯਮ ਬਣਾਉਣੇ ਚਾਹੀਦੇ ਹਨ।ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੈਂਸਰ ਬੋਰਡ ਵਿੱਚ ਸਿੱਖ ਨੁਮਾਇੰਦਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਫਿਲਮ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਸੀਨ ਨੂੰ ਕੱਟਿਆ ਜਾ ਸਕੇ।ਉਨ੍ਹਾਂ ਵੈਬ ਸੀਰੀਜ਼ ਨਿਰਮਾਤਾ ਅਤੇ ਡਿਜ਼ਨੀ+ਹਾਟਸਰਾਟ ਦੇ ਮੁੱਖੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਇਤਰਾਜ਼ਯੋਗ ਵੈਬ ਸੀਰੀਜ਼ ਨੂੰ ਰੀਲੀਜ਼ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
                   ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫ਼ਪੁਰ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜ਼ੂਦ ਸਨ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …