Monday, March 30, 2026

ਵਿਧਾਨ ਸਭਾ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨ ਨਾਲ ਮੁਲਾਕਾਤ

ਕਮੇਟੀ ਵੱਲੋਂ ਚਾਰ ਹਫ਼ਤਿਆਂ ਵਿਚ ਸੌਂਪੀ ਜਾਵੇਗੀ ਵਿਸਥਾਰਤ ਰਿਪੋਰਟ – ਕੁਲਦੀਪ ਸਿੰਘ ਵੈਦ

ਨਵਾਂਸ਼ਹਿਰ, 24 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਛਾਣਬੀਣ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੀੜ੍ਹਤ ਕਿਸਾਨ ਰਣਜੀਤ ਸਿੰਘ ਨਾਲ ਮੁਲਾਕਾਤ ਕਰ ਕੇ ਬਿਆਨ ਦਰਜ਼ ਕੀਤੇ ਗਏ।
                      ਸਥਾਨਕ ਪੰਚਾਇਤ ਸੰਮਤੀ ਗੈਸਟ ਹਾਊਸ ਵਿਖੇ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਕਮੇਟੀ ਮੈਂਬਰ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੀੜਤ ਕਿਸਾਨ ਨਾਲ ਵਿਸਥਾਰ ਵਿਚ ਗੱਲਬਾਤ ਕੀਤੀ ਅਤੇ ਬਿਆਨ ਕਲਮਬੱਧ ਕੀਤੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਹੋਏ ਅੱਤਿਆਚਾਰਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵਿਧਾਨ ਸਭਾ ਦੀਆਂ ਸਾਰੀਆਂ ਪਾਰਟੀਆਂ ਦੇ ਪੰਜ ਵਿਧਾਇਕਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਉਨ੍ਹਾਂ ਤੋਂ ਇਲਾਵਾ ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੁਲਬੀਰ ਸਿੰਘ ਜੀਰਾ, ਫ਼ਤਿਹਜੰਗ ਸਿੰਘ ਬਾਜਵਾ ਅਤੇ ਸਰਬਜੀਤ ਕੌਰ ਮਾਣੂਕੇ ਮੈਂਬਰ ਹਨ।ਉਨ੍ਹਾਂ ਦੱਸਿਆ ਕਿ ਇਹ ਕਮੇਟੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਕੇ ਤੱਥ ਇਕੱਤਰ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਪੀੜਤ ਕਿਸਾਨਾਂ ਨੂੰ ਚੰਡੀਗੜ੍ਹ ਬੁਲਾਉਣ ਦੀ ਬਜਾਏ ਆਪ ਹੀ ਜ਼ਿਲ੍ਹਿਆਂ ਵਿਚ ਜਾ ਕੇ ਉਨ੍ਹਾਂ ਕਿਸਾਨਾਂ ਦੇ ਬਿਆਨ ਕਲਮਬੱਧ ਕੀਤੇ ਜਾਣ, ਜਿਨ੍ਹਾਂ ’ਤੇ ਕਿਸਾਨ ਅੰਦੋਲਨ ਦੌਰਾਨ ਪੁਲਿਸ ਨੇ ਕੇਸ ਦਰਜ ਕੀਤੇ ਜਾਂ ਜੇਲ੍ਹਾਂ ਵਿਚ ਬੰਦ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਪੁਲਿਸ ਥਾਣਿਆਂ ਜਾਂ ਤਿਹਾੜ ਜੇਲ੍ਹ ਵਿਚ ਕਿਸਾਨਾਂ ’ਤੇ ਜੋ ਤਸ਼ੱਦਦ ਹੋਇਆ, ਉਸ ਨੂੰ ਇਸ ਰਿਪੋਰਟ ਵਿਚ ਬੇਨਕਾਬ ਕੀਤਾ ਜਾਵੇਗਾ ਅਤੇ ਅਗਲੇ ਚਾਰ ਹਫ਼ਤਿਆਂ ਵਿਚ ਇਹ ਕਮੇਟੀ ਆਪਣੀ ਰਿੋਪਰਟ ਸੌਂਪ ਦੇਵੇਗੀ ਅਤੇ ਢੁਕਵੀਂ ਕਾਰਵਾਈ ਦੀ ਸਿਫ਼ਾਰਿਸ਼ ਵੀ ਕਰੇਗੀ।ਉਨ੍ਹਾਂ ਦੱਸਿਆ ਕਿ ਕਮੇਟੀ ਦੀ ਇਹ ਪੰਜਵੀਂ ਮੀਟਿੰਗ ਹੈ ਅਤੇ ਇਸ ਤੋਂ ਪਹਿਲਾਂ ਲੁਧਿਆਣਾ, ਮੋਗਾ, ਬਠਿੰਡਾ ਅਤੇ ਮਾਨਸਾ ਵਿਖੇ ਅਜਿਹੀਆਂ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ 37 ਕਿਸਾਨਾਂ ਦੇ ਬਿਆਨ ਦਰਜ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕਮੇਟੀ ਵੱਲੋਂ ਜਲੰਧਰ, ਸੰਗਰੂਰ, ਅੰਮਿ੍ਰਤਸਰ ਅਤੇ ਗੁਰਦਾਸਪੁਰ ਵਿਖੇ ਵੀ ਪੀੜਤ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਜਿਹੜਾ ਵੀ ਵਿਅਕਤੀ ਕਿਸਾਨ ਅੰਦੋਲਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਬਾਰੇ ਕਮੇਟੀ ਕੋਲ ਆਪਣਾ ਬਿਆਨ ਦਰਜ਼ ਕਰਵਾਉਣਾ ਚਾਹੁੰਦਾ ਹੈ, ਉਹ ਇਨ੍ਹਾਂ ਮੀਟਿੰਗਾਂ ਦੌਰਾਨ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੱਕ ਮੰਗ ਰਹੇ ਕਿਸਾਨਾਂ ’ਤੇ ਦਿੱਲੀ ਪੁਲਿਸ ਵੱਲੋਂ ਕੀਤਾ ਗਿਆ ਤਸ਼ੱਦਦ ਬੇਹੱਦ ਨਿੰਦਣਯੋਗ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮੁੱਦੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੀੜਤਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ।
                 ਕਮੇਟੀ ਮੈਂਬਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੁਲਿਸ ਵੱਲੋਂ ਅੰਦੋਲਨਕਾਰੀ ਕਿਸਾਨਾਂ ’ਤੇ ਕੀਤਾ ਗਿਆ ਅੱਤਿਆਚਾਰ ਅਤੇ ਜੇਲ੍ਹਾਂ ਵਿਚ ਹੋਇਆ ਮਾੜਾ ਵਿਵਹਾਰ ਬੇਹੱਦ ਸ਼ਰਮਨਾਕ ਅਤੇ ਰੌਂਗਟੇ ਖੜ੍ਹੇ ਕਰਨ ਵਾਲਾ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ।ਉਨ੍ਹਾਂ ਕਿਹਾ ਕਿ ਇਸ ਤਸ਼ੱਦਦ ਅਤੇ ਮਾੜੇ ਵਤੀਰੇ ਬਾਰੇ ਵਿਸਥਾਰਤ ਖੁਲਾਸਾ ਰਿਪੋਰਟ ਵਿਚ ਕੀਤਾ ਜਾਵੇਗਾ।
                 ਇਸ ਮੌਕੇ ਗ੍ਰਹਿ ਮਾਮਲੇ ਵਿਭਾਗ ਪੰਜਾਬ ਦੇ ਵਧੀਕ ਸਕੱਤਰ ਬਲਦੀਪ ਕੌਰ, ਏ.ਆਈ.ਜੀ ਕ੍ਰਾਈਮ ਸੁਰਿੰਦਰਜੀਤ ਕੌਰ, ਵਿਧਾਨ ਸਭਾ ਕੋਆਰਡੀਨੇਟਰ ਅਫ਼ਸਰ ਗੁਰਕੀਰਤ ਸਿੰਘ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਡੀ.ਐਸ. ੀ ਸਵਿੰਦਰ ਪਾਲ ਸਿੰਘ, ਤਹਿਸੀਲਦਾਰ ਬਲਜਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …