ਜ਼ਿਲ੍ਹੇ ‘ਚ ਮੌਜ਼ੂਦਾ 592 ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧ ਕੇ 730 ਹੋਣ ਦੀ ਸੰਭਾਵਨਾ – ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਗਾਮੀ
ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿਚ ਬਣਾਏ ਜਾਣ ਵਾਲੇ ਸਹਾਇਕ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਕਰਨ ਵਾਲੇ ਪੋਲਿੰਗ ਸਟਾਫ ਸਬੰਧੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ।
ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ 1000 ਜਾਂ ਇਸ ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ਲਈ ਸਹਾਇਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣੇ ਹਨ।ਜਿਸ ਨਾਲ ਨਵੇਂ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਉਪਰੰਤ ਜ਼ਿਲ੍ਹੇ ਵਿਚ ਮੌਜ਼ੂਦ 592 ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵੱਧ ਕੇ ਲਗਭਗ 730 ਹੋਣ ਦੀ ਸੰਭਾਵਨਾ ਹੈ।ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਣ ਨਾਲ ਲਗਾਏ ਜਾਣ ਵਾਲੇ ਸਟਾਫ ਦੀ ਡਿਮਾਂਡ ਵੀ ਵੱਧ ਜਾਵੇਗੀ।ਰਿਟਰਨਿੰਗ ਅਫ਼ਸਰਾਂ ਅਤੇ ਜ਼ਿਲ੍ਹਾ ਸੂਚਨਾ ਅਫ਼ਸਰ ਨੂੰ ਹੁਣ ਤੋਂ ਹੀ ਇਸ ਸਬੰਧੀ ਢੁੱਕਵੇਂ ਉਪਰਾਲੇ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਸੂਚੀ ਦੀ ਸੁਧਾਈ ਦੌਰਾਨ ਐਨ.ਆਰ.ਆਈ ਵੋਟਰਾਂ, ਵੀ.ਆਈ.ਪੀ ਵੋਟਰਾਂ, ਪੀ.ਡਬਲਿਊ.ਡੀ ਵੋਟਰਾਂ ਅਤੇ ਨੌਜਵਾਨਾਂ ਦੀ ਵੋਟਰ ਸੂਚੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਦੇ ਵੀ ਆਦੇਸ਼ ਦਿੱਤੇ।
ਇਸ ਮੌਕੇ ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ, ਚੋਣ ਤਹਿਸੀਲਦਾਰ ਅਵਤਾਰ ਸਿੰਘ, ਪ੍ਰੋਗਰਾਮਰ ਅਮਿਤ ਸੈਣੀ, ਜ਼ਿਲ੍ਹਾ ਸੂਚਨਾ ਅਫ਼ਸਰ ਵਿਸ਼ਾਲ ਸ਼ਰਮਾ ਆਦਿ ਹਾਜ਼ਰ ਸਨ।
Punjab Post Daily Online Newspaper & Print Media