Thursday, March 5, 2026

ਨਸ਼ਾ ਪਰਿਵਾਰ ਦੇ ਭਵਿੱਖ ਨੂੰ ਕਰ ਦਿੰਦਾ ਹੈ ਬਰਬਾਦ – ਡਾ. ਗੀਤਾਂਜਲੀ ਸਿੰਘ

ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਆਮ ਲੋਕਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ
ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅੱਜ ਨਸ਼ਾਖੋਰੀ ਅਤੇ ਨਜਾਇਜ਼ ਤਸਕਰੀ ਵਿਰੁੱਧ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।ਇਸ ਸਾਲ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਦਾ ਥੀਮ ‘ਨਸ਼ਾਖੋਰੀ ‘ਤੇ ਤੱਥ ਸਾਂਝੇ ਕਰੋ ਅਤੇ ਜਾਨਾਂ ਬਚਾਓ’ ਸੀ।
ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਿਖੇ ਚੱਲ ਰਹੇ ਕੋਵਿਡ ਰੋਕੂ ਟੀਕਾਕਰਨ ਕੇਂਦਰ ਦੀ ਚੈਕਿੰਗ ਉਪਰੰਤ ਨਸ਼ਾਖੋਰੀ ਅਤੇ ਨਜਾਇਜ਼ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਨੂੰ ਸਮਰਪਿਤ ਆਮ ਲੋਕਾਂ ਲਈ ਇਕ ਸੁਨੇਹਾ ਦਿੱਤਾ ਹੈ।ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਨਸ਼ਾ ਪਰਿਵਾਰ ਦੇ ਭਵਿੱਖ ਨੂੰ ਬਰਬਾਦ ਕਰ ਦਿੰਦਾ ਹੈ, ਕਿਉਂਕਿ ਨਸ਼ੇ ਦਾ ਆਦੀ ਮਨੁੱਖ ਜਿਥੇ ਆਰਥਿਕ ਤੌਰ ‘ਤੇ ਕਮਜ਼ੋਰ ਹੋ ਜਾਂਦਾ ਹੈ, ਉਥੇ ਸਮਾਜਿਕ ਤੌਰ ‘ਤੇ ਹੀਣਭਾਵਨਾ ਦਾ ਸ਼ਿਕਾਰ ਹੋ ਕੇ ਮਾਨਸਿਕ ਪ੍ਰੇਸ਼ਾਨੀ ਵਿੱਚ ਉਲਝ ਕੇ ਰਹਿ ਜਾਂਦਾ ਹੈ।ਨਸ਼ਿਆਂ ਕਾਰਨ ਵਿਅਕਤੀ ਦੇ ਸਰੀਰ ‘ਤੇ ਵੀ ਮਾੜਾ ਅਸਰ ਪੈਂਦਾ ਹੈ।ਨਸ਼ਿਆਂ ਦੇ ਖਾਤਮੇ ਲਈ ਆਰੰਭੇ ਗਏ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਸਾਨੂੰ ਸਭ ਨੂੰ ਅੱਗੇ ਆ ਕੇ ਨਸ਼ੇ ਦੇ ਖਿਲਾਫ਼ ਲੜਾਈ ਲੜਨੀ ਚਾਹੀਦੀ ਹੈ, ਕਿਉਂਕਿ ਨਸ਼ਿਆਂ ਦੀ ਇਹ ਅੱਗ ਜੋ ਅੱਜ ਕਿਸੇ ਹੋਰ ਦੇ ਘਰ ਲੱਗੀ ਹੋਈ ਹੈ, ਕੱਲ ਨੂੰ ਸਾਡੇ ਆਪਣੇ ਘਰ ਵੀ ਪਹੁੰਚ ਸਕਦੀ ਹੈ।
                     ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਰੋਗੀਆਂ ਨੂੰ ਨਸ਼ੇੜੀ ਕਹਿ ਕੇ ਬੁਲਾਉਣਾ ਗਲਤ ਹੈ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।ਨਸ਼ਾ ਮੁਕਤ ਭਾਰਤ ਅਭਿਆਨ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਨੂੰ ਰਜਿਸਟਰ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।ਨਸ਼ਾ ਮੁਕਤ ਭਾਰਤ ਅਭਿਆਨ ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈੈ ਅਤੇ ਅਨੇਕਾਂ ਨੌਜਵਾਨਾਂ ਦੀ ਨਸ਼ੇ ਦੀ ਮਾੜੀ ਆਦਤ ਛੁਡਵਾ ਕੇ ਉਨ੍ਹਾਂ ਨੂੰ ਜ਼ਿੰਦਗੀ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਗਿਆ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …