Saturday, April 25, 2026

ਨਵਾਂਸ਼ਹਿਰ ’ਚੋਂ ਲੰਘਦੀ ਚੰਡੀਗੜ੍ਹ ਰੋਡ ਦੇ ਕਾਇਆ ਕਲਪ ਲਈ 5.27 ਕਰੋੜ ਰੁਪਏ ਮਨਜ਼ੂਰ-ਮਨੀਸ਼ ਤਿਵਾੜੀ

ਨਗਰ ਕੌਂਸਲ ਵਿਖੇ ਸ਼ਹਿਰ ਦੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 28 ਜੂਨ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ’ਚੋਂ ਲੰਘਦੀ 9 ਕਿਲੋਮੀਟਰ ਲੰਬੀ ਚੰਡੀਗੜ੍ਹ ਰੋਡ ਦੇ ਕਾਇਆ ਕਲਪ ਲਈ ਕੌਮੀ ਹਾਈਵੇਅ ਅਥਾਰਟੀ ਤੋਂ 5.27 ਕਰੋੜ ਰੁਪਏ ਮਨਜ਼ੂਰ ਕਰਵਾ ਲਏ ਗਏ ਹਨ ਅਤੇ ਜਲਦ ਹੀ ਇਸ ਸੜਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ।ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਇਹ ਪ੍ਰਗਟਾਵਾ ਅੱਜ ਵਿਧਾਇਕ ਅੰਗਦ ਸਿੰਘ ਅਤੇ ਪੰਜਾਬ ਲਾਰਜ਼ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜ਼ੂਦਗੀ ਵਿਚ ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਇਕ ਕਰ ਰਹੀ ਹੈ ਅਤੇ ਇਸ ਤਹਿਤ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ।ਉਨ੍ਹਾਂ ਨਵੇਂ ਚੁਣੇ ਗਏ ਸਮੂਹ ਕੌਂਸਲਰਾਂ ਨੂੰ ਤਾਕੀਦ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨੀਆਂ ਯਕੀਨੀ ਬਣਾਉਣ।ਉਨ੍ਹਾਂ ਨਗਰ ਕੌਂਸਲ ਦੀ ਪਲੇਠੀ ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਦੇ ਹਿੱਤ ਵਿਚ ਲਏ ਗਏ ਫ਼ੈਸਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਨਕਸ਼ਾ ਫੀਸ ਘਟਾਉਣ ਨਾਲ ਸ਼ਹਿਰ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ।ਉਨ੍ਹਾਂ ਕਿਹਾ ਕਿ ਕੂੜੇ ਦੇ ਡੰਪ ਨੂੰ ਤਬਦੀਲ ਕਰਵਾਉਣ ਵਿੱਚ ਕੋਈ ਢਿੱਲ-ਮੱਠ ਨਹੀਂ ਵਰਤੀ ਜਾਵੇਗੀ।ਇਸ ਦੌਰਾਨ ਉਹ ਸਫ਼ਾਈ ਕਰਮੀਆਂ ਨੂੰ ਵੀ ਮਿਲੇ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਮਸਲੇ ਹੱਲ ਕਰਵਾਉਣ ਲਈ ਉਹ ਪੂਰੀ ਕੋਸ਼ਿਸ਼ ਕਰਨਗੇ।
                 ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ ਅਤੇ ਸਮੂਹ ਕੌਂਸਲਰ ਹਾਜ਼ਰ ਸਨ।ਇਸ ਤੋਂ ਪਹਿਲਾਂ ਉਨ੍ਹਾਂ ਰਾਹੋਂ ਨਗਰ ਕੌਂਸਲ ਵਿਖੇ ਵੀ ਪ੍ਰਧਾਨ ਅਮਰਜੀਤ ਸਿੰਘ ਅਤੇ ਨਵੇਂ ਚੁਣੇ ਕੌਂਸਲਰਾਂ ਨਾਲ ਮੁਲਾਕਾਤ ਕੀਤੀ ਅਤੇ ਸ਼ਹਿਰ ਦੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …