ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਵਲੋਂ
ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਐਸ.ਐਸ.ਪੀ ਵਿਵੇਕਸ਼ੀਲ ਸੋਨੀ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਜੌਲੀਆਂ ਪਿੰਡ ਦਾ ਦੌਰਾ ਕੀਤਾ ਗਿਆ।ਸਿੰਗਲਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਮਾਮਲੇ ਦੀ ਅਸਲੀਅਤ ਪਤਾ ਕਰਨ ਦੇ ਨਾਲ-ਨਾਲ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨਾਂ ਐਸ.ਐਸ.ਪੀ ਨੂੰ ਮਾਮਲੇ ਦੀ ਤਹਿ ਤੱਕ ਜਾਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਜੇਕਰ ਨਾਮਜ਼ਦ ਔਰਤ ਤੋਂ ਇਲਾਵਾ ਕੋਈ ਵੀ ਹੋਰ ਇਸ ਦੁੱਖਦਾਈ ਘਟਨਾਕ੍ਰਮ ’ਚ ਸ਼ਾਮਲ ਹੈ ਤਾਂ ਉਸ ਨੂੰ ਵੀ ਗ੍ਰਿਫ਼ਤਾਰ ਕਰਕੇ ਬਣਦੀ ਸਜ਼ਾ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਇੱਕ ਔਰਤ ਵਲੋਂ ਪਿੰਡ ਜੌਲੀਆਂ ਵਿਚਲੇ ਗੁਰੂਘਰ ਦੇ ਦਰਬਾਰ ਸਾਹਿਬ ’ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਪਾਲਕੀ ਸਾਹਿਬ ਅਤੇ ਹੋਰ ਸਤਿਕਾਰਤ ਸਾਮਾਨ ਨੂੰ ਅੱਗ ਲਗਾ ਦਿੱਤੀ ਸੀ।ਜਿਸ ਤੋਂ ਬਾਅਦ ਪੁਲਿਸ ਵਿਭਾਗ ਵਲੋਂ ਤੁਰੰਤ ਹਰਕਤ ’ਚ ਆਉਦਿਆਂ ਉਸ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਸਿੰਗਲਾ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ’ਚ ਸਰਬ-ਸਾਂਝੀਵਾਲਤਾ ਦਾ ਪ੍ਰਤੀਕ ਹਨ ਤੇ ਸਾਰੇ ਧਰਮਾਂ ਦੇ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹਨ। ਉਨਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਮੁਫ਼ਾਦਾਂ ਲਈ ਸਮਾਜ ’ਚ ਫੁੱਟ ਪਾਉਣ ਲਈ ਅਜਿਹੇ ਘਿਨਾਉਣੇ ਤੇ ਅਤਿ ਨਿੰਦਣਯੋਗ ਅਪਰਾਧਾਂ ਨੂੰ ਅੰਜ਼ਾਮ ਦਿੰਦੇ ਹਨ, ਜਿਨਾਂ ਦਾ ਮਕਸਦ ਪੰਜਾਬ ’ਚ ਸ਼ਾਂਤੀ ਭੰਗ ਕਰਨਾ ਹੁੰਦਾ ਹੈ।ਉਨਾਂ ਕਿਹਾ ਕਿ ਇਸ ਮਾਮਲੇ ’ਚ ਦੀ ਪੜਤਾਲ ਲਈ ਉਹ ਆਪ ਖੁਦ ਤਤਪਰਤਾ ਨਾਲ ਰੋਜ਼ਾਨਾ ਪੱਧਰ ’ਤੇ ਪੁਲਿਸ ਵਿਭਾਗ ਤੋਂ ਰਿਪੋਰਟ ਹਾਸਲ ਕਰ ਰਹੇ ਹਨ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਤੱਕ ਇਸ ਘਟਨਾਕ੍ਰਮ ’ਚ ਸ਼ਾਮਲ ਹਰ ਵਿਅਕਤੀ ਨੂੰ ਬਣਦੀ ਸਜ਼ਾ ਨਹੀਂ ਮਿਲਦੀ ਤਾਂ ਉਹ ਚੈਨ ਨਾਲ ਨਾ ਬੈਠਣ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media