Sunday, May 31, 2026

4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ – ਬੀਬੀ ਜਗੀਰ ਕੌਰ

ਪੰਜਾਬੀ ਸੂਬਾ ਮੋਰਚਾ ਨੂੰ ਕੁਚਲਣ ਲਈ ਤਤਕਾਲੀ ਕਾਂਗਰਸ ਸਰਕਾਰ ਨੇ ਕਰਵਾਇਆ ਸੀ ਹਮਲਾ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਾਕੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 4 ਜੁਲਾਈ ਨੂੰ ਪਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਤੋਂ ਪਹਿਲਾਂ ਪੰਜਾਬੀ ਸੂਬਾ ਮੋਰਚਾ ਨੂੰ ਦਬਾਉਣ ਲਈ ਵੀ ਇਸ ਪਾਵਨ ਅਸਥਾਨ ’ਤੇ ਹਮਲਾ ਕੀਤਾ ਗਿਆ ਸੀ।ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ।ਇਸ ਦੌਰਾਨ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ, ਜਿਸ ਦੀ ਅਗਵਾਈ ਡੀ.ਆਈ.ਜੀ ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਨੇ ਕੀਤੀ ਸੀ।
                ਉਨਾਂ ਕਿਹਾ ਕਿ ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ।  ਬੀਬੀ ਜਗੀਰ ਕੌਰ ਨੇ ਕਿਹਾ ਕਿ 4 ਜੁਲਾਈ 1955 ਨੂੰ ਵੱਡੀ ਗਿਣਤੀ ਵਿੱਚ ਪੁਲਿਸ ਬੂਟਾਂ ਸਮੇਤ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਦਾਖ਼ਲ ਹੋਈ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਇਸ ਹਮਲੇ ਦੌਰਾਨ ਵਰਤੇ ਗਏ 4 ਗੋਲੇ, ਜੋ ਕੇਂਦਰੀ ਸਿੱਖ ਅਜਾਇਬ ਘਰ ਵਿਚ ਮੌਜ਼ੂਦ ਹਨ, ਉਹ ਵੀ ਸੰਗਤ ਨੂੰ ਦਿਖਾਏ ਜਾਣਗੇ।
                 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਹਰਪਾਲ ਸਿੰਘ ਜੱਲ੍ਹਾ, ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਆਦਿ ਮੌਜੂਦ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …