Sunday, December 22, 2024

ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 45 ਸਾਲਾ ਹਰਬੰਸ ਲਾਲ ਦਾ ਮ੍ਰਿਤਕ ਸਰੀਰ

ਸਰਬੱਤ ਦਾ ਭਲਾ ਟਰੱਸਟ ਨੇ ਹੁਣ ਤੱਕ ਵਾਰਸਾਂ ਤੱਕ ਪਹੁੰਚਾਈਆਂ 241 ਬਦਨਸੀਬ ਮ੍ਰਿਤਕ ਦੇਹਾਂ

ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਨੋਖਰਵਾਲ ਦੇ 45 ਸਾਲਾ ਹਰਬੰਸ ਲਾਲ ਪੁੱਤਰ ਬਿਸ਼ਨ ਰਾਮ ਦਾ ਮ੍ਰਿਤਕ ਸਰੀਰ ਅੱਜ ਤੜਕਸਾਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਪਹੁੰਚਿਆ।
                    ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਹਰਬੰਸ ਲਾਲ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ `ਚ ਕੁੱਝ ਮਹੀਨੇ ਪਹਿਲਾਂ ਹੀ ਵਿਜ਼ਟਰ ਵੀਜ਼ਾ ਲੈ ਕੇ ਦੁਬਈ ਆਇਆ ਸੀ।ਉਨ੍ਹਾਂ ਦੱਸਿਆ ਕਿ ਬੀਤੀ 11 ਜੂਨ ਨੂੰ ਹਰਬੰਸ ਲਾਲ ਦਾ ਅਚਾਨਕ ਉਸ ਦੇ ਕਮਰੇ ਵਿਚਲੇ ਬਾਥਰੂਮ ਅੰਦਰ ਪੈਰ ਫਿਸਲ ਗਿਆ ਸੀ,।ਜਿਸ ਉਪਰੰਤ ਉਸ ਦੇ ਸਾਥੀ ਉਸ ਨੂੰ ਬੇਹੋਸ਼ੀ ਦੀ ਹਾਲਤ `ਚ ਹਪਸਤਾਲ ਲੈ ਕੇ ਗਏ ਸਨ, ਪਰ ਉਥੇ ਕੁੱਝ ਸਮੇਂ ਬਾਅਦ ਹੀ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ।ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨੂੰ ਭਾਰਤੀ ਦੂਤਾਵਾਸ ਤੋਂ ਇਲਾਵਾ ਹੋਰਨਾਂ ਲੋਕਾਂ ਨੇ ਵੀ ਸੰਪਰਕ ਕਰ ਕੇ ਹਰਬੰਸ ਲਾਲ ਦੇ ਪਰਿਵਾਰ ਦੀ ਬੇਵਸੀ ਦਾ ਹਵਾਲਾ ਦਿੰਦਿਆਂ ਮ੍ਰਿਤਕ ਦੇਹ ਭਾਰਤ ਪਹੁੰਚਾਉਣ `ਚ ਸਹਿਯੋਗ ਕਰਨ ਲਈ ਕਿਹਾ ਸੀ।ਜਿਸ ਉਪਰੰਤ ਉਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਵਿਸ਼ੇਸ਼ ਸਹਿਯੋਗ ਸਦਕਾ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਹਰਬੰਸ ਲਾਲ ਦੇ ਮ੍ਰਿਤਕ ਸਰੀਰ ਨੂੰ ਅੱਜ ਸਵੇਰੇ ਤੜਕਸਾਰ ਭਾਰਤ ਭੇਜ ਕੇ ਉਸ ਦੇ ਵਾਰਸਾਂ ਨੂੰ ਸੌੰਪ ਦਿੱਤਾ ਹੈ।
                  ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 241 ਬਦਨਸੀਬ ਲੋਕਾਂ ਦੇ ਮਿਝਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
                    ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਲੈਣ ਪਹੁੰਚੇ ਹਰਬੰਸ ਲਾਲ ਦੇ ਕਰੀਬੀ ਰਿਸ਼ਤੇਦਾਰ ਚਮਨ ਲਾਲ ਅਤੇ ਲੁਭਾਇਆ ਰਾਮ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਉਸਦੀ ਮ੍ਰਿਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ `ਤੇ ਡਾ.ਐਸ.ਪੀ ਸਿੰਘ ਓਬਰਾਏ ਦਾ ਸ਼ੁਕਰਾਨਾ ਕਰਦਿਆਂ ਕਿਹਾ ਡਾ. ਓਬਰਾਏ ਦੀ ਬਦੌਲਤ ਹੀ ਉਨ੍ਹਾਂ ਨੂੰ ਹਰਬੰਸ ਲਾਲ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …