Saturday, July 4, 2026

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ- ਚੇਅਰਮੈਨ ਗੇਜਾ ਰਾਮ

ਮੁਸ਼ਕਲਾਂ ਦੇ ਢੁੱਕਵੇਂ ਹੱਲ ਲਈ ਅਧਿਕਾਰੀਆਂ ਅਤੇ ਸਫ਼ਾਈ ਕਰਮੀਆਂ ਨਾਲ ਕੀਤੀ ਮੀਟਿੰਗ

ਨਵਾਂਸ਼ਹਿਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਇਥੇ ਕਿਹਾ ਕਿ ਕਮਿਸ਼ਨ ਸੂਬੇ ਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਹੈ ਅਤੇ ਉਨ੍ਹਾਂ ਦਾ ਕਿਸੇ ਵੀ ਢੰਗ ਨਾਲ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਸਫ਼ਾਈ ਕਰਮੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਹਿਰਦ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮੀਆਂ ਦੀਆਂ ਸਾਰੀਆਂ ਹੱਕੀ ਮੰਗਾਂ ਮੰਨੇ ਜਾਣ ’ਤੇ ਮੋਹਰ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀਆਂ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਫਰੰਟ ਲਾਈਨ ’ਤੇ ਨਿਭਾਈ ਗਈ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ।
                            ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾਵੇ।ਸਫਾਈ ਸੇਵਕਾਂ ਨੂੰ ਮੈਡੀਕਲ, ਵਰਦੀਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਾਸਕ ਅਤੇ ਸੇਫਟੀ ਕਿੱਟ ਤੋਂ ਬਗੈਰ ਉਨ੍ਹਾਂ ਨੂੰ ਸੀਵਰੇਜ਼ ਵਿਚ ਨਾ ਉਤਾਰਿਆ ਜਾਵੇ।
                      ਉਨ੍ਹਾਂ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਦਿੱਤੀਆਂ ਜਾ ਰਹੀਆਂ ਤਨਖਾਹਾਂ, ਮੁਆਵਜ਼ਾ, ਵਰਦੀਆਂ, ਤਰੱਕੀਆਂ, ਐਕਸਗ੍ਰੇਸ਼ੀਆ ਰਾਸ਼ੀ, ਸੇਫਟੀ ਕਿੱਟਾਂ ਅਤੇ ਹੋਰਨਾਂ ਸਹੂਲਤਾਂ ਆਦਿ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਡੈਥ ਕੇਸਾਂ ਆਦਿ ਬਾਰੇ ਵੀ ਬਿਓਰਾ ਲਿਆ।ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਫ਼ਾਈ ਕਰਮੀਆਂ ਦੀਆਂ ਖਾਲੀ ਅਸਾਮੀਆਂ ਬਾਰੇ ਰਿਪੋਰਟ ਹਾਸਲ ਕਰਕੇ ਉਨ੍ਹਾਂ ਨੂੰ ਭਰਨ ਲਈ ਕਾਰਵਾਈ ਆਰੰਭਣ ਦੀ ਹਦਾਇਤ ਕੀਤੀ।ਉਨ੍ਹਾਂ ਪੜ੍ਹੇ-ਲਿਖੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਤਰੱਕੀ ਦਾ ਲਾਭ ਦੇਣ ਲਈ ਕਿਹਾ।ਉਨ੍ਹਾਂ ਨਗਰ ਕੌਂਸਲ ਨਵਾਂਸ਼ਹਿਰ ਵਿਚ ਮੁਹੱਲਾ ਸੁਧਾਰ ਕਮੇਟੀ ਤਹਿਤ ਕੰਮ ਕਰ ਰਹੇ 9 ਸਫ਼ਾਈ ਕਰਮੀਆਂ ਨੂੰ ਡੀ.ਸੀ ਰੇਟ ’ਤੇ ਰੱਖਣ ਦੇ ਆਦੇਸ਼ ਦਿੱਤੇ।ਸਫ਼ਾਈ ਕਰਮੀਆਂ ਦੀ ਵੈਰੀਫਿਕੇਸ਼ਨ ਸਬੰਧੀ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਦਿਆਂ 8 ਦਿਨਾਂ ਅੰਦਰ ਕਮਿਸ਼ਨ ਨੂੰ ਰਿਪੋਰਟ ਦੇਣ ਦੀ ਹਦਾਇਤ ਕੀਤੀ।
                      ਇਸ ਦੌਰਾਨ ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ।ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਸਫ਼ਾਈ ਕਰਮੀਆਂ ਨੇ ਇਸ ਮੌਕੇ ਚੇਅਰਮੈਨ ਗੇਜਾ ਰਾਮ ਦਾ ਧੰਨਵਾਦ ਕੀਤਾ।
                        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਹਰਬੀਰ ਸਿੰਘ, ਡੀ.ਐਸ.ਪੀ ਸਵਿੰਦਰ ਪਾਲ ਸਿੰਘ, ਤਹਿਸੀਲਦਾਰ ਬਲਜਿੰਦਰ ਸਿੰਘ, ਐਡਵੋਕੇਟ ਰਾਹੁਲ ਆਦੀਆ, ਡੀ.ਡੀ.ਪੀ.ਓ ਦਵਿੰਦਰ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਗਰ ਕੌਂਸਲਾਂ ਦੇ ਸਮੂਹ ਕਾਰਜਸਾਧਕ ਅਫ਼ਸਰ ਅਤੇ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦੇ ਵੱਡੀ ਗਿਣਤੀ ‘ਚ ਹਾਜ਼ਰ ਸਨ।

Check Also

ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …