ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ
ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ
ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਜਿਹੜੇ ਬੱਚੇ ਆਪਣੇ ਮਾਪਿਆਂ ਤੋਂ ਮਹਿਰੂਮ ਹੋ ਗਏ ਹਨ, ਉਨ੍ਹਾਂ ਦਾ ਵਧੀਆ ਢੰਗ ਨਾਲ ਪਾਲਣ-ਪੋਸ਼ਣ ਅਤੇ ਪੜ੍ਹਾਈ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਮਾਲੀ ਮਦਦ ਮੁਹੱਈਆ ਕਰਵਾਈ ਜਾਵੇਗੀ।ਅਜਿਹੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਡਾਟਾ ਤਿਆਰ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਬਣਦੇ ਲਾਭ ਦਿੱਤੇ ਜਾ ਸਕਣ।ਅਜਿਹੇ ਬੱਚਿਆਂ ਨੂੰ ਗੈਰ-ਕਾਨੂੰਨੀ ਤੌਰ ’ਤੇ ਗੋਦ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਹੜੇ ਸਕੂਲ ਵਿਚ ਪਹਿਲਾਂ ਤੋਂ ਬੱਚਾ ਪੜ੍ਹ ਰਿਹਾ ਹੈ, ਉਸ ਦੀ ਉਸੇ ਸਕੂਲ ਵਿਚ ਪੜ੍ਹਾਈ ਜਾਰੀ ਰਹੇ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਇਸ ਸਬੰਧੀ ਵੱਡੀ ਪੱਧਰ ’ਤੇ ਪ੍ਰਚਾਰ ਮੁਹਿੰਮ ਆਰੰਭੀ ਜਾਵੇਗੀ, ਤਾਂ ਜੋ ਅਜਿਹਾ ਕੋਈ ਵੀ ਬੱਚਾ ਲਾਭ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਉਨ੍ਹਾਂ ਸਰਕਾਰੀ ਗਊਸ਼ਾਲਾ ਦੀ ਬਿਹਤਰੀ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਉਨ੍ਹਾਂ ਸਖੀ ਵੱਨ ਸਟਾਪ ਸੈਂਟਰ ਸਬੰਧੀ ਮੁਸ਼ਕਲਾਂ ਦੇ ਫੌਰਨ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ।ਜ਼ਿਲ੍ਹਾ ਕਚਹਿਰੀਆਂ ਵਿਚ ਫਾਗਿੰਗ ਕਰਵਾਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਮਹਿਲਾਵਾਂ ਨਾਲ ਸਬੰਧਤ ਜ਼ੁਰਮਾਂ ਦੇ ਕੇਸਾਂ ਸਬੰਧੀ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਨ ਦੀ ਹਦਾਇਤ ਕੀਤੀ ਅਤੇ ਟ੍ਰੈਫਿਕ ਨਾਲ ਸਬੰਧਤ ਚਲਾਨਾਂ ਦੇ ਕੇਸ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਭੇਜਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰੇਕ ਲੋੜਵੰਦ ਵਿਅਕਤੀ ਜਾਂ ਔਰਤ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸੇ ਤਰ੍ਹਾਂ ਵਿਚੋਲਗੀ ਸੈਂਟਰ ਵਿਚ ਪਾਰਟੀਆਂ ਦਾ ਸਮਝੌਤਾ ਕਰਵਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ, ਜਿਸ ਵਿਚ ਅਦਾਲਤੀ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਅਥਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਧੀਰ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਜ), ਸੀ.ਜੇ.ਐਮ ਜਗਬੀਰ ਸਿੰਘ ਮਹਿੰਦੀਰੱਤਾ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. =ਪੀ (ਜਾਂਚ) ਵਜੀਰ ਸਿੰਘ ਖਹਿਰਾ, ਜ਼ਿਲ੍ਹਾ ਅਟਾਰਨੀ ਸਤਨਾਮ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪਾਲ ਸਿੰਘ ਕਾਹਲੋਂ ਹਾਜ਼ਰ ਸਨ।
Punjab Post Daily Online Newspaper & Print Media