ਨਵਾਂਸ਼ਹਿਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ.
ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਬਸਿਡਰੀ ਹੈਲਥ ਸੈਂਟਰ ਲੰਗੜੋਆ ਵਿਖੇ ਅੱਜ ਐਚ.ਆਈ.ਵੀ/ਏਡਜ਼ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।ਸਿਹਤ ਮਾਹਿਰਾਂ ਵੱਲੋਂ ਐਚ.ਆਈ.ਵੀ ਏਡਜ਼ ਦੇ ਕਾਰਨ, ਲੱਛਣ, ਇਲਾਜ਼ ਅਤੇ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।
ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਦੇ ਐਸ.ਐਮ.ਓ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਪਿੰਡ ਲੰਗੜੋਆ ਵਿਖੇ ਏਡਜ਼ ਦੀ ਜਾਂਚ ਲਈ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 50 ਤੋਂ ਵੱਧ ਵਿਅਕਤੀਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ ਕੋਈ ਵੀ ਵਿਅਕਤੀ ਪਾਜ਼ਟਿਵ ਨਹੀਂ ਪਾਇਆ ਗਿਆ।ਏਡਜ਼ ਮੁੱਖ ਤੌਰ ‘ਤੇ ਅਸੁਰੱਖਿਅਤ ਜਿਸਮਾਨੀ ਸਬੰਧ ਬਣਾਉਣ, ਏਡਜ਼ ਪੀੜਤ ਵਿਅਕਤੀ ਦਾ ਖੂਨ ਦੂਸਰੇ ਵਿਅਕਤੀ ਨੂੰ ਚੜਾਉਣ, ਗਰਭਵਤੀ ਅਵਸਥਾ ਵਿਚ ਏਡਜ਼ ਪੀੜਤ ਮਾਂ ਵਲੋਂ ਜਨਮ ਦੇਣ ਵਾਲੇ ਬੱਚੇ, ਏਡਜ਼ ਪੀੜਤ ਵਿਅਕਤੀ ਦੀ ਸੂਈ ਦੂਸਰੇ ਵਿਅਕਤੀ `ਤੇ ਵਰਤਣ ਆਦਿ ਨਾਲ ਹੁੰਦੀ ਹੈ ਜੋ ਕਿ ਮਹਾਮਾਰੀ ਦਾ ਰੂਪ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਏਡਜ਼ (ਐਕਵਾਇਰਡ ਇਮਿਊਨ ਡੈਫੀਸ਼ੈਂਸੀ ਸਿੰਡਰੋਮ) ਕਾਰਨ ਸਰੀਰ ਵਿੱਚ ਸੀ.ਡੀ. 4 ਕੌਸ਼ਿਕਾਵਾਂ ਵਿੱਚ ਕਾਫੀ ਜਿਆਦਾ ਗਿਰਾਵਟ ਆ ਜਾਂਦੀ ਹੈ।
ਐਚ.ਆਈ.ਵੀ ਪੀੜਤ ਵਿਅਕਤੀ ਵਿੱਚ ਰੋਗਾਂ ਨਾਲ ਲੜਨ ਦੀ ਸਮੱਰਥਾ ਘਟ ਜਾਂਦੀ ਹੈ, ਜਿਸ ਕਾਰਨ ਪੀੜਤ ਨੂੰ ਟੀ.ਬੀ ਸਮੇਤ ਕਈ ਹੋਰ ਬਿਮਾਰੀਆਂ ਹੋਣ ਦਾ ਖਤਰਾ ਵਧ ਜਾਂਦਾ ਹੈ।ਸਰਵੇ ਮੁਤਾਬਕ ਵਿਸ਼ਵ ਭਰ ਵਿੱਚ 36.6 ਕਰੋੜ ਲੋਕ ਐਚ.ਆਈ.ਵੀ ਸੰਕਮਣ ਨਾਲ ਜੀਅ ਰਹੇ ਹਨ ਤੇ ਸਾਲ 1984 ਵਿਚ ਇਸ ਬਿਮਾਰੀ ਦੀ ਪਛਾਣ ਹੋਣ ਤੋਂ ਬਾਅਦ ਹੁਣ ਤੱਕ 36 ਕਰੋੜ ਤੋਂ ਵੱਧ ਲੋਕ ਏਡਜ਼ ਨਾਲ ਮਰ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਏਡਜ਼ ਪੀੜਤ ਵਿਅਕਤੀ ਨੂੰ ਵਾਰ-ਵਾਰ ਬੁਖਾਰ ਹੁੰਦਾ ਹੈ, ਥਕਾਵਟ ਹੁੰਦੀ ਹੈ, ਮਾਸ ਪੇਸ਼ੀਆਂ ਵਿਚ ਅਕੜਾਅ ਆਉਂਦਾ ਹੈ, ਜੋੜਾਂ ਵਿਚ ਦਰਦ ਅਤੇ ਸੋਜਿਸ਼ ਹੁੰਦੀ ਹੈ, ਗਲਾ ਖਰਾਬ ਹੋ ਜਾਂਦਾ ਹੈ, ਭਾਰ ਘਟਣਾ ਸ਼ੁਰੂ ਹੋ ਜਾਂਦਾ ਹੈ, ਚਮੜੀ ਉਪਰ ਲਾਲ ਰੰਗ ਦੇ ਨਿਸ਼ਾਨ ਆ ਜਾਂਦੇ ਹਨ ਅਤੇ ਮਾਨਸਿਕ ਤਣਾਅ ਰਹਿਣ ਲਗਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਇਸ ਬਿਮਾਰੀ ਦਾ ਮੁੱਢਲੀ ਅਵਸਥਾ ਵਿੱਚ ਹੀ ਪਤਾ ਲੱਗ ਜਾਵੇ ਤਾਂ ਬਿਮਾਰੀ ਦੀ ਰੋਕਥਾਮ ਲਈ ਲਗਾਤਾਰ ਦਵਾਈਆਂ ਦਾ ਸਹਾਰਾ ਲੈ ਕੇ ਏਡਜ਼ ਪੀੜਤ ਵਿਅਕਤੀ ਲੰਬੀ ਜ਼ਿੰਦਗੀ ਜੀਅ ਸਕਦਾ ਹੈ।
ਇਸ ਦੌਰਾਨ ਕਾਊਂਸਲਰ ਮਨਦੀਪ ਕੌਰ ਨੇ ਦੱਸਿਆ ਕਿ ਇਹ ਹੱਥ ਮਿਲਾਉਣ, ਛੂਹਣ, ਚੁੰਮਣ ਜਾਂ ਕਿਸੇ ਨਾਲ ਬੈਠ ਕੇ ਖਾਣਾ ਖਾਣ ਨਾਲ ਨਹੀਂ ਫੈਲਦਾ ਹੈ, ਏਡਜ਼ ਦੇ ਰੋਗੀ ਨਾਲ ਨਫਰਤ ਨਹੀਂ ਕਰਨੀ ਚਾਹੀਦੀ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦਾ ਟੀਚਾ ਸਾਲ 2030 ਤੱਕ ਪੰਜਾਬ ਨੂੰ ਏਡਜ਼ ਤੋਂ ਮੁਕਤ ਕਰਨਾ ਹੈ।
ਇਸ ਮੌਕੇ ਐਲ.ਐਚ ਵੀ ਕਮਲਾ ਦੇਵੀ, ਓਟ ਕੌਂਸਲਰ ਹਰਪ੍ਰੀਤ ਸਿੰਘ, ਮਨਦੀਪ ਸਿੰਘ, ਰੇਣੁਕਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media