ਪ੍ਰਧਾਨ ਮੰਤਰੀ ਨੂੰ ਭੇਜਿਆ ਲਿਖਤੀ ਪੱਤਰ
ਪਟਿਆਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।ਜਿਸ ਵਿੱਚ ਉਨਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅਫਗਾਨਸਿਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਲਈ ਕਦਮ ਚੁੱਕੇ।ਉਨਾਂ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਫਗਾਨਿਸਤਾਨ ਸਰਕਾਰ ਨਾਲ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ।ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਨੂੰ ਵੀ ਪੱਤਰ ਲਿਖ ਕੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕੀਤੀ ਹੈ।
ਪ੍ਰੋ. ਬਡੂੰਗਰ ਨੇ ਲਿਖਤੀ ਪੱਤਰ ਵਿੱਚ ਜਾਣੂ ਕਰਵਾਇਆ ਕਿ ਅਫਗਾਨਸਿਤਾਨ ਵਿੱਚ 1970 ਦੌਰਾਨ ਸਿੱਖਾਂ ਦੀ ਗਿਣਤੀ ਪੰਜ ਲੱਖ ਦੇ ਕਰੀਬ ਸੀ, ਜੋ ਘਟ ਕੇ ਲੱਗਭਗ ਦੋ ਲੱਖ ਰਹਿ ਗਈ ਹੈ।ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਫਗਾਨਿਸਤਾਨ ਸਰਕਾਰ ਸਿੱਖਾਂ ’ਤੇ ਹੋ ਰਹੇ ਹਮਲਿਆਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਲਗਾਤਾਰ ਤਾਲਿਬਾਨੀ ਅਤੇ ਆਈ.ਐਸ.ਆਈ ਅੱਤਵਾਦੀ ਸੰਗਠਨਾਂ ਵੱਲੋਂ ਸਿੱਖਾਂ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਸਿੱਖਾਂ ਦੇ ਨਾਲ-ਨਾਲ ਸਿੱਖ ਗੁਰਧਾਮ ਵੀ ਸੁਰੱਖਿਅਤ ਨਹੀਂ ਹਨ।ਇਸ ਲਈ ਕੇਂਦਰ ਸਰਕਾਰ ਸਿੱਖਾਂ ਦੀ ਸੁਰੱਖਿਆ ਅਤੇ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਅਫਗਾਨਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਵਾਵੇ।