ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕਰਵਾਇਆ
ਜਾਵੇਗਾ।ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਸਮਾਗਮ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ 10, 11 ਅਤੇ 12 ਅਗਸਤ ਨੂੰ ਰਿਹਰਸਲਾਂ ਹੋਣਗੀਆਂ ਅਤੇ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ।ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
ਉਨ੍ਹਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਟੇਜ ਦੀ ਸਜ਼ਾਵਟ, ਗਰਾਊਂਡ ਦੀ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਸਵਾਗਤੀ ਗੇਟ, ਪਬਲਿਕ ਐਡਰੈਸ ਸਿਸਟਮ, ਚੌਕਾਂ ਦੀ ਸਜ਼ਾਵਟ, ਰਿਫਰੈਸ਼ਮੈਂਟ, ਬੈਰੀਕੇਡਿੰਗ, ਸੁਰੱਖਿਆ ਪ੍ਰਬੰਧਾਂ, ਬੈਠਣ ਦੇ ਪ੍ਰਬੰਧਾਂ, ਮੈਡੀਕਲ ਸਹਾਇਤਾ, ਸੁਚਾਰੂ ਆਵਾਜਾਈ ਆਦਿ ਲਈ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ।ਉਨ੍ਹਾਂ ਇਹ ਵੀ ਕਿਹਾ ਕਿ ਸਮੁੱਚੇ ਸਮਾਗਮ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ.ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਨਿਲ ਗੁਪਤਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media