Thursday, June 19, 2025
Breaking News

ਸੋਸ਼ਲ ਮੀਡੀਆ ’ਤੇ ਗੁ. ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਵਾਲੇ ’ਤੇ ਹੋਵੇਗੀ ਕਾਰਵਾਈ – ਰਮਦਾਸ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੋਸ਼ਲ ਮੀਡੀਆ ’ਤੇ ਇਕ ਨੌਜੁਆਨ ਵੱਲੋਂ ਲਾਈਵ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦਾ ਯਤਨ ਅਤਿ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਉਸ ਵਿਰੁੱਧ ਕਾਰਵਾਈ ਕਰੇਗੀ।
                  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਤਨਾਮ ਸੰਧੂ ਨਾਂ ਦੇ ਵਿਅਕਤੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਰਾਂ ਤੋਂ ਲਾਈਵ ਹੋ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਰੁੱਧ ਝੂਠੀ ਬਿਆਨਬਾਜ਼ੀ ਕੀਤੀ ਗਈ ਹੈ।ਉਸ ਵੱਲੋਂ ਕਿਸਾਨੀ ਸੰਘਰਸ਼ ਤੋਂ ਆ ਰਹੇ ਲੋਕਾਂ ਤੋਂ ਗੁਰਦੁਆਰਾ ਸਾਹਿਬ ’ਚ ਪੈਸੇ ਲੈ ਕੇ ਕਮਰੇ ਦੇਣ ਦੇ ਦੋਸ਼ਾਂ ਵਿਚ ਕੋਈ ਸੱਚਾਈ ਨਹੀਂ ਹੈ।ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਿਸਾਨਾਂ ਲਈ ਲੋੜ ਅਨੁਸਾਰ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਲੰਗਰਾਂ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਵੀ ਬਿਲਕੁੱਲ ਫ੍ਰੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਹੁਣ ਤੱਕ ਦੋ ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ।
                ਰਮਦਾਸ ਨੇ ਕਿਹਾ ਕਿ ਇਸ ਵਿਅਕਤੀ ਦੇ ਦੋਸ਼ ਬਿਲਕੁੱਲ ਗਲਤ ਹਨ। ਗੁਰਦੁਆਰਾ ਸਾਹਿਬ ਦੀ ਸਰਾਂ ਵਿਖੇ ਇਕ ਵਿਸ਼ੇਸ਼ ਰਜਿਸਟਰ ਕਿਸਾਨ ਸੰਘਰਸ਼ ’ਤੇ ਜਾਣ ਵਾਲੇ ਕਿਸਾਨਾਂ ਲਈ ਵੀ ਲਗਾਇਆ ਹੋਇਆ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਕਿਸਾਨੀ ਸੰਘਰਸ਼ ਵਾਲੇ ਲੋਕਾਂ ਨੂੰ ਬਿਲਕੁੱਲ ਮੁਫ਼ਤ ਕਮਰੇ ਦਿੱਤੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਦੋਸ਼ ਲਗਾਉਣ ਵਾਲੇ ਵਿਅਕਤੀ ਨੂੰ ਸੱਤ ਕਮਰੇ ਦਿੱਤੇ ਗਏ ਸਨ, ਜਿਸ ਦੀ ਕੋਈ ਵੀ ਭੇਟਾ ਨਹੀਂ ਲਈ ਗਈ।ਇਸ ਵਿਅਕਤੀ ਨੇ ਜਾਣਬੁੱਝ ਕੇ ਹੁੱਲੜਬਾਜ਼ੀ ਕੀਤੀ ਅਤੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਕੀਤੀ।ਇਸ ਨੇ ਬਿਨਾ ਵਜ੍ਹਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਝੀ ਹਰਕਤ ਕੀਤੀ ਹੈ।ਰਮਦਾਸ ਨੇ ਕਿਹਾ ਕਿ ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਸਤਨਾਮ ਸੰਧੂ ਨਾਂ ਦੇ ਇਸ ਵਿਅਕਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਪਰਚੇ ਦਰਜ਼ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੇ ਪ੍ਰਬੰਧਾਂ ਦੀ ਬਦਨਾਮੀ ਕਰਨ ਲਈ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾ ਦਿੱਤੀ ਹੈ।

Check Also

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ …