Tuesday, February 24, 2026

ਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਸ੍ਰੀ ਨਨਕਾਣਾ ਸਾਹਿਬ ਲਈ ਵੀ ਖੁੱਲ੍ਹੇ ਲਾਂਘਾ – ਬੀਬੀ ਜਗੀਰ ਕੌਰ

ਅਫ਼ਗਾਨਿਸਤਾਨ ਅੰਦਰ ਗੁਰਦੁਆਰਾ ਸਾਹਿਬ ’ਚੋਂ ਨਿਸ਼ਾਨ ਸਾਹਿਬ ਉਤਾਰਨ ਦੀ ਕੀਤੀ ਨਿੰਦਾ

ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੇ ਨਾਲ-ਨਾਲ ਭਾਰਤ ਤੇ ਪਾਕਿਸਤਾਨ ਸਰਕਾਰਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਵੀ ਸੰਗਤ ਨੂੰ ਇਜਾਜ਼ਤ ਦੇਣ ‘ਤੇ ਵਿਚਾਰ ਕਰਨ।ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਕਾਰਨ ਬੰਦ ਹੋਇਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਦੋਹਾਂ ਦੇਸ਼ਾਂ ਨੂੰ ਸਿਰ ਜੋੜ ਕੇ ਫੈਸਲਾ ਲੈਣਾ ਚਾਹੀਦਾ ਹੈ, ਕਿਉਂਕਿ ਹੁਣ ਕੋਰੋਨਾ ਦੀਆਂ ਪਾਬੰਦੀਆਂ ਲਗਭਗ ਖ਼ਤਮ ਹੋਣ ਕਿਨਾਰੇ ਹਨ।ਜੇਕਰ ਵਿੱਦਿਅਕ ਅਦਾਰੇ ਤੇ ਬਜ਼ਾਰ ਖੋਲ੍ਹਣ ਦੇ ਨਾਲ-ਨਾਲ ਜਨਤਕ ਅਸਥਾਨਾਂ ’ਤੇ ਵੀ ਪਾਬੰਦੀਆਂ ਘਟਾਈਆਂ ਜਾ ਚੁੱਕੀਆਂ ਹਨ, ਤਾਂ ਅਜਿਹੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੁੱਲ੍ਹਣਾ ਚਾਹੀਦਾ ਹੈ।
               ਬੀਬੀ ਜਗੀਰ ਕੌਰ ਨੇ ਭਾਰਤ ਤੇ ਪਾਕਿਸਤਾਨ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਵਾਂਗ ਹੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦੀ ਤਰਜ਼ ’ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸੇਵੇਰੇ ਜਾ ਕੇ ਸ਼ਾਮ ਨੂੰ ਵਾਪਸ ਪਰਤ ਸਕਦੀਆਂ ਹਨ।
                  ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ‘ਚ ਤਾਲਿਬਾਨ ਵੱਲੋਂ ਇਕ ਗੁਰਦੁਆਰਾ ਸਾਹਿਬ ਵਿੱਚੋਂ ਨਿਸ਼ਾਨ ਸਾਹਿਬ ਉਤਾਰਨ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੇ ਪਾਵਨ ਅਸਥਾਨ ਅਤੇ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।ਉਨ੍ਹਾਂ ਆਖਿਆ ਕਿ ਬਾਰ-ਬਾਰ ਅਫ਼ਗਾਨਿਸਤਾਨ ਵਿਚ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਘੱਟਗਿਣਤੀਆਂ ਨਾਲ ਧੱਕਾ ਹੈ।
                   ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਟੋਕੀਓ ਓਲੰਪਿਕ ਵਿੱਚੋਂ ਕਾਂਸੇ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਕੁੱਝ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਵਧਾਈ ਦਿੱਤੀ।ਉਨਾਂ ਕਿਹਾ ਕਿ ਹਾਕੀ ਟੀਮ ਨੇ ਜਿੱਤ ਦਰਜ਼ ਕਰਕੇ ਦੇਸ਼ ਅਤੇ ਖ਼ਾਸਕਰ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ, ਕਿਉਂਕਿ ਟੀਮ ਵਿਚ ਬਹੁਗਿਣਤੀ ਖਿਡਾਰੀ ਪੰਜਾਬ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੜਕਿਆਂ ਦੀ ਹਾਕੀ ਟੀਮ ਦੇ ਨਾਲ-ਨਾਲ ਲੜਕੀਆਂ ਦੀ ਹਾਕੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਖੇਡ ਵਿਭਾਗ ਨੇ ਬੀਬੀ ਜਗੀਰ ਕੌਰ ਨੂੰ ਭਾਰਤ ਦੀ ਹਾਕੀ ਟੀਮ ਲਈ ਇਕ ਕਰੋੜ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰਨ ’ਤੇ ਧੰਨਵਾਦ ਕੀਤਾ।
               ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਗੁਰਮੇਲ ਸਿੰਘ ਸੰਗਤਪੁਰਾ, ਅਮਰੀਕ ਸਿੰਘ ਵਿਛੋਆ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਗੁਰਮੀਤ ਸਿੰਘ ਅਡਵਾਈਜ਼ਰ, ਕੋਚ ਸੁਰਜੀਤ ਸਿੰਘ ਲਹਿਰਕਾ, ਪ੍ਰਕਾਸ਼ ਸਿੰਘ, ਅਵਤਾਰ ਸਿੰਘ, ਪ੍ਰੇਮ ਸਿੰਘ, ਮਹਿੰਦਰ ਸਿੰਘ ਆਦਿ ਮੌਜ਼ੂਦ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …