Monday, July 27, 2026

ਮਾਦਾ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖ਼ਾਰ- ਡਾ. ਜਗਦੀਪ ਸਿੰਘ

ਸਿਵਲ ਸਰਜਨ ਦਫਤਰ ਦੀ ਟੀਮ ਵੱਲੋਂ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ

ਨਵਾਂਸ਼ਹਿਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ‘ਚ ਸਿਵਲ ਸਰਜਨ ਦਫਤਰ ਦੀ ਟੀਮ ਵੱਲੋਂ ਡੇਂਗੂ ਦੀ ਰੋਕਥਾਮ ਲਈ ਡੇਂਗੂ ਵਿਰੋਧੀ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।
            ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁਲਾਮ ਰੋਡ ‘ਤੇ ਅੱਜ ਡੇਂਗੂ ਵਿਰੋਧੀ ਸਰਵੇਖਣ ਕੀਤਾ ਗਿਆ। ਜਿਸ ਦੌਰਾਨ ਟੀਮ ਵੱਲੋਂ ਘਰਾਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਉਨ੍ਹਾਂ ਡੇਂਗੂ ਤੇ ਮਲੇਰੀਆ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ਼ ਨਾਲੋਂ ਪ੍ਰਹੇਜ਼ ਜ਼ਿਆਦਾ ਬਿਹਤਰ ਹੈ।ਡੇਂਗੂ ਬੁਖ਼ਾਰ ਮਾਦਾ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਇਸ ਨੂੰ `ਟਾਈਗਰ ਮੱਛਰ` ਵੀ ਕਹਿੰਦੇ ਹਨ।ਇਸ ਦੇ ਸਰੀਰ ‘ਤੇ ਟਾਈਗਰ ਵਰਗੀਆਂ ਕਾਲੀਆਂ ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ।ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉਪਰ ਪਏ ਟਾਇਰ, ਕਬਾੜ ਆਦਿ `ਚ ਖੜ੍ਹੇ ਸਾਫ਼ ਪਾਣੀ `ਚ ਪੈਦਾ ਹੁੰਦਾ ਹੈ।ਇਕ ਹਫ਼ਤੇ `ਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ।ਇਕ ਚੱਮਚ ਪਾਣੀ `ਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ।ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ।
                ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਡੇਂਗੂ ਹੋਣ ਦਾ ਖ਼ਤਰਾ ਵਧ ਜਾਂਦਾ ਹੈ।ਜਿਸ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ।ਗਲ਼ੀਆਂ, ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ।
               ਸਰਵੇਖਣ ਟੀਮ ਵਿਚ ਹੈਲਥ ਵਰਕਰ ਲਖਵੀਰ ਭੱਟੀ, ਗੁਰਦੇਵ ਸਿੰਘ, ਆਸ਼ਾ ਵਰਕਰ ਮਨਜੀਤ ਕੌਰ ਅਤੇ ਕਾਂਤਾ ਰਾਣੀ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …