ਜ਼ਮੀਨ ਗ੍ਰਹਿਣ ਕਰਨ ‘ਚ ਵਿਸ਼ੇਸ਼ ਯੋਗਦਾਨ ਲਈ ਕੀਤਾ ਧੰਨਵਾਦ
ਨਵਾਂਸ਼ਹਿਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਵਿਖੇ ਇਕ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਬੀਤੇ ਦਿਨ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣ ਪਹੰੁਚੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਜ਼ਿਲ੍ਹੇ ਵਿਚ ਪੁਲਿਸ ਲਾਈਨਜ਼ ਦੀ ਸਥਾਪਤੀ ਲਈ ਹਲਕਾ ਵਿਧਾਇਕ ਅੰਗਦ ਸਿੰਘ ਦੇ ਅਣਥੱਕ ਯਤਨਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪੁਲਿਸ ਲਾਈਨਜ਼ ਲਈ ਜ਼ਮੀਨ ਗ੍ਰਹਿਣ ਕਰਨ ਵਿੱਚ ਨੌਜਵਾਨ ਵਿਧਾਇਕ ਦੀਆਂ ਕੋਸ਼ਿਸ਼ਾਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਗਠਨ ਦੇ ਲਗਭਗ 26 ਸਾਲਾਂ ਬਾਅਦ ਜ਼ਿਲ੍ਹਾ ਵਾਸੀਆਂ ਦਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ।ਜਿਸ ਤਹਿਤ ਪਿੰਡ ਜੇਠੂ ਮਾਜਰਾ ਵਿੱਚ 10 ਏਕੜ ਤੋਂ ਵੱਧ ਰਕਬੇ ‘ਚ 25 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪੁਲਿਸ ਲਾਈਨਜ਼ ਸਥਾਪਤ ਕੀਤੀ ਜਾ ਰਹੀ ਹੈ।ਵਿਧਾਇਕ ਅੰਗਦ ਸਿੰਘ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਾਬਕਾ ਖੇਤੀਬਾੜੀ ਮੰਤਰੀ ਸਵਰਗੀ ਦਿਲਬਾਗ ਸਿੰਘ ਵੱਲੋਂ ਨਵਾਂਸ਼ਹਿਰ ਨੂੰ ਜ਼ਿਲ੍ਹਾ ਬਣਵਾਉਣ ਵਿੱਚ ਨਿਭਾਈ ਅਹਿਮ ਭੂਮਿਕਾ ਦਾ ਵਿਸ਼ੇਸ਼ ਜ਼ਿਕਰ ਕੀਤਾ।
ਵਿਧਾਇਕ ਅੰਗਦ ਸਿੰਘ ਨੇ ਇਸ ਸਮੇਂ ਉਨ੍ਹਾਂ ਨੂੰ ਨਵਾਂਸ਼ਹਿਰ ਵਿਚ ਲਿਆਂਦੇ ਗਏ ਅਹਿਮ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਪੁਲਿਸ ਸਬੰਧੀ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਕੇ ਜ਼ਿਲ੍ਹੇ ਵਿੱਚ ਪੁਲਿਸ ਬੁਨਿਆਦੀ ਢਾਂਚੇ ਦੇ ਸੰਪੂਰਨ ਵਿਕਾਸ ਲਈ ਡੀ.ਜੀ.ਪੀ ਦਿਨਕਰ ਗੁਪਤਾ ਦਾ ਧੰਨਵਾਦ ਕੀਤਾ।
ਇਸ ਮੌਕੇ ਆਈ.ਜੀ ਲੁਧਿਆਣਾ ਰੇਂਜ ਨੌਨਿਹਾਲ ਸਿੰਘ, ਐਸ.ਐਸ.ਪੀ ਅਲਕਾ ਮੀਨਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ, ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।