ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ
ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੀ ਭਾਰਤੀ ਹਾਕੀ ਟੀਮ ਦੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਦੇ ਸਾਹਮਣੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕਰਕੇ ਇਹ ਸਨਮਾਨ ਦਿੱਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੀਮ ਦੇ ਹਰ ਖਿਡਾਰੀ ਨੂੰ ਪੰਜ-ਪੰਜ ਲੱਖ ਰੁਪਏ ਦਾ ਚੈਕ, ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਨਮਾਨ ਚਿੰਨ੍ਹ ਦੇਣ ਦੇ ਨਾਲ-ਨਾਲ ਭਾਰਤੀ ਹਾਕੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਅਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਮਿਆਂ ਦੌਰਾਨ ਓਲੰਪਿਕ ਵਿੱਚੋਂ ਮੱਲ੍ਹਾਂ ਮਾਰਨ ਵਾਲੇ ਕਈ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਮਗਾ ਜਿੱਤ ਕੇ 41 ਸਾਲ ਬਾਅਦ ਜੋ ਇਤਿਹਾਸ ਸਿਰਜਿਆ ਹੈ, ਉਸ ਨਾਲ ਦੇਸ਼ ਦਾ ਨਾਂ ਪੂਰੀ ਦੁਨੀਆਂ ਵਿਚ ਉਚਾ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਖੁਸ਼ੀ ਹੋਰ ਵੀ ਜ਼ਿਆਦਾ ਹੈ, ਕਿਉਂਕਿ ਭਾਰਤੀ ਹਾਕੀ ਟੀਮ ਵਿੱਚ ਬਹੁ-ਗਿਣਤੀ ਖਿਡਾਰੀ ਪੰਜਾਬ ਵਿੱਚੋਂ ਹਨ।ਉਨਾਂ ਕਿਹਾ ਕਿ ਸਿੱਖ ਕੌਮ ਨੂੰ ਖੇਡ ਭਾਵਨਾ ਦੇ ਰੂਬਰੂ ਗੁਰੂ ਸਾਹਿਬਾਨ ਨੇ ਕਰਵਾਇਆ ਹੈ, ਜਿਸ ਤੋਂ ਅਗਵਾਈ ਲੈਂਦਿਆਂ ਸਾਡੇ ਨੌਜੁਆਨਾਂ ਨੇ ਹਮੇਸ਼ਾਂ ਹੀ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।ਉਨ੍ਹਾਂ ਨੇ ਕਿਹਾ ਕਿ ਖੇਡਾਂ ਭਾਈਚਾਰਕ ਸਾਂਝਾਂ ਮਜ਼ਬੂਤ ਕਰਦੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸੇ ਤਹਿਤ ਹੀ ਹਾਕੀ ਟੀਮ ਦੇ ਹਰ ਖਿਡਾਰੀ ਨੂੰ ਸਨਮਾਨਿਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਗੁਰੂ ਘਰ ਤੋਂ ਦਿੱਤਾ ਗਿਆ ਸਨਮਾਨ ਇਸ ਲਈ ਬਹੁਤ ਵੱਡਾ ਹੈ, ਕਿਉਂਕਿ ਇਹ ਕੇਵਲ ਰਾਸ਼ੀ ਹੀ ਨਹੀਂ ਬਲਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਕਮੇਟੀ ਸ਼੍ਰੋਮਣੀ ਕਮੇਟੀ ਦੀਆਂ ਖੇਡ ਅਕੈਡਮੀਆਂ ਲਗਾਤਾਰ ਸਰਗਰਮ ਹਨ ਅਤੇ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੂੰ ਭਾਰਤੀ ਹਾਕੀ ਵੱਲੋਂ ਮਾਨਤਾ ਮਿਲ ਚੁੱਕੀ ਹੈ।ਇਸ ਦੇ ਨਾਲ ਹੀ ਵੱਖ-ਵੱਖ ਹੋਰ ਖੇਡਾਂ ਲਈ ਵੀ ਖੇਡ ਡਾਇਰੈਕਟੋਰੇਟ ਸਥਾਪਿਤ ਕੀਤਾ ਗਿਆ ਹੈ।ਉਨਾਂ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਤੋਂ ਅਗਲੇ ਓਲੰਪਿਕ ਵਿਚ ਸੋਨ ਤਮਗਾ ਜਿੱਤਣ ਦੀ ਆਸ ਪ੍ਰਗਟਾਈ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਹਾਕੀ ਟੀਮ ਦੇ ਖਿਡਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ।ਸਟੇਜ਼ ਦਾ ਸੰਚਾਲਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਕੀਤਾ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਅਮਰੀਕ ਸਿੰਘ ਵਿਛੋਆ, ਬੀਬੀ ਗੁਰਿੰਦਰ ਕੌਰ, ਕੁਲਦੀਪ ਸਿੰਘ ਤੇੜਾ, ਅਕਾਲੀ ਆਗੂ ਯੁਵਰਾਜ ਭੁਪਿੰਦਰ ਸਿੰਘ, ਗੁਰਪ੍ਰਤਾਪ ਸਿੰਘ ਟਿੱਕਾ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਦਿਲਰਾਜ ਸਿੰਘ ਗਿੱਲ, ਓਲੰਪੀਅਨ ਰਾਜਬੀਰ ਕੌਰ, ਓਲੰਪੀਅਨ ਗੁਰਮੇਜ ਸਿੰਘ, ਗੁਰਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸ਼ੰਮੀ, ਸੰਜੀਵ ਕੁਮਾਰ, ਮਨਜੀਤ ਸਿੰਘ, ਹਾਕੀ ਕੋਚ ਗੁਰਮੀਤ ਸਿੰਘ ਆਦਿ ਮੌਜ਼ੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media