Wednesday, April 15, 2026

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ

ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿਊਰੋ) – 75ਵੇਂ ਆਜ਼ਾਦੀ ਦਿਹਾੜੇ ਮੌਕੇ ਆਈ.ਟੀ.ਆਈ ਗਰਾੳੂਂਡ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਪਰੇਡ ਦਾ ਮੁਆਇਨਾ ਕਰਨ ਤੋਂ ਬਾਅਦ ਉਨ੍ਹਾਂ ਪਰੇਡ ਕਮਾਂਡਰ ਡੀ.ਐਸ.ਪੀ (ਸਥਾਨਕ) ਨਵਨੀਤ ਕੌਰ ਗਿੱਲ ਦੀ ਅਗਵਾਈ ‘ਚ ਵੱਖ-ਵੱਖ ਟੁਕੜੀਆਂ ਵੱਲੋਂ ਕੀਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਉਨ੍ਹਾਂ ਦੇ ਨਾਲ ਸਨ।ਸਮਾਗਮ ਵਿਚ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਸਾਬਕਾ ਵਿਧਾਇਕਾ ਨਵਾਂਸ਼ਹਿਰ ਗੁਰਇਕਬਾਲ ਕੌਰ, ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਹੋਰਨਾਂ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
             ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦਿਆਂ ਮਨਾਏ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਮੌਕੇ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਚੰਨੀ ਨੇ ਕਿਹਾ ਕਿ ਵੱਖ-ਵੱਖ ਲਹਿਰਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ਾਂ ਤੇ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈਣ ਦੇ ਯੋਗ ਹੋਏ ਹਾਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਵਿਚ ਪੰਜਾਬ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਵਾਤਾਵਰਣ ਪੱਖੀ ਮਾਹੌਲ ਸਿਰਜਣ, ਉਦਯੋਗ, ਨਾਗਰਿਕ ਸੇਵਾਵਾਂ ਅਤੇ ਵੀ.ਆਈ.ਪੀ ਕਲਚਰ ਖ਼ਤਮ ਕਰਨ ਕਰਕੇ ਨਾਮਣਾ ਖੱਟ ਰਿਹਾ ਹੈ।ਉਨ੍ਹਾਂ ਕਿਹਾ ਕਿ ਬੀਤੇ ਲੱਗਭਗ ਡੇਢ ਸਾਲ ਦੌਰਾਨ ਅਸੀਂ ਕੋਰੋਨਾ ਦੇ ਜਿਸ ਦੌਰ ਵਿਚੋਂ ਗੁਜ਼ਰੇ ਹਾਂ, ਉਹ ਉਮੀਦ ਕਰਦੇ ਹਨ ਕਿ ਉਸੇ ਹੌਂਸਲੇ ਅਤੇ ਹਿੰਮਤ ਨਾਲ ਕੋਰੋਨਾ ਦੀ ਸੰਭਾਵੀ ਤੀਜ਼ੀ ਲਹਿਰ ਤੋਂ ਵੀ ਨਿਜ਼ਾਤ ਪਾ ਲਵਾਂਗੇ।ਉਨ੍ਹਾਂ ਕੋਰੋਨਾ ਯੋਧਿਆਂ ਅਤੇ ਸਿਹਤ ਕਰਮਚਾਰੀਆਂ ਨੂੰ ਇਸ ਔਖੀ ਘੜੀ ਵਿਚ ਡੱਟ ਕੇ ਸੇਵਾਵਾਂ ਦੇਣ ਲਈ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਅਨੇਕਾਂ ਲੋਕ ਪੱਖੀ ਫ਼ੈਸਲੇ ਲਏ ਹਨ, ਜਿਨ੍ਹਾ ਦੀ ਸਾਰੇ ਪਾਸਿਓਂ ਭਰਪੂਰ ਪ੍ਰਸੰਸਾ ਹੋਈ ਹੈ।ਉਨ੍ਹਾਂ ਕਿਹਾ ਕਿ ਘਰ-ਘਰ ਰੋਜ਼ਗਾਰ ਯੋਜਨਾ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।
                   ਉਨ੍ਹਾਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਿਚ ਦੁੱਗਣਾ ਵਾਧਾ ਕਰਨ, ਆਸ਼ੀਰਵਾਦ ਸਕੀਮ 51 ਹਜ਼ਾਰ ਰੁਪਏ ਕਰਨ, ਹਰਿਆਲੀ ਸਕੀਮ ਤਹਿਤ ਜੰਗਲਾਂ ਦਾ ਰਕਬਾ ਵਧਾ ਕੇ ਵਾਤਾਵਣ ਬਚਾਉਣ, ਫ਼ਸਲਾਂ ਦੇ ਸੁਚਾਰੂ ਖ਼ਰੀਦ ਪ੍ਰਬੰਧਾਂ, ਕਰਜ਼ਾ ਮੁਆਫ਼ੀ, ਸ਼ਹੀਦਾਂ ਦੇ ਵਾਰਸਾਂ ਲਈ ਸੁਹਿਰਦ ਯਤਨ, ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਆਦਿ ਵਰਗੇ ਲੋਕ ਪੱਖੀ ਫ਼ੈਸਲਿਆਂ ਸਮੇਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਬਪੱਖੀ ਵਿਕਾਸ ਅਤੇ ਮਾਣਮੱਤੀਆਂ ਪ੍ਰਾਪਤੀਆਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।
                ਕੇਂਦਰ ਸਰਕਾਰ ਦੇ ਤਿੰਨ ਕਿਸਾਨ ਮਾਰੂ ਕਾਨੂੰਨਾਂ ਖਿਲਾਫ਼ ਜ਼ਬਰਦਸਤ ਰੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਖਿਲਾਫ਼ ਕੇਂਦਰ ਸਰਕਾਰ ਦਾ ਰਵੱਈਆ ਬੇਹੱਦ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇਹ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ, ਤਾਂ ਜੋ ਸੂਬੇ ਅਤੇ ਦੇਸ਼ ਦੀ ਡਗਮਗਾ ਰਹੀ ਅਰਥ ਵਿਵਸਥਾ ਨੂੰ ਬਚਾਇਆ ਜਾ ਸਕੇ।ਪੰਜਾਬ ਵਿਧਾਨ ਸਭਾ ਵਿਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।ਇਸੇ ਤਰ੍ਹਾਂ ਉਨ੍ਹਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਵੀ ਅਹਿਦ ਲਿਆ।

ਮੁੜ ਉਸਾਰੀ ਗਈ ਮਾਹਿਲਪੁਰ-ਫਗਵਾੜਾ ਅੱਪਟੂ ਬਹਿਰਾਮ ਸੜਕ ਨੂੰ ਕੀਤਾ ਲੋਕ ਅਰਪਿਤ

ਮੁੱਖ ਮਹਿਮਾਨ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬੰਗਾ ਅਧੀਨ ਪੈਂਦੀ ਮੁੜ ਉਸਾਰੀ ਗਈ ਮਾਹਿਲਪੁਰ-ਫਗਵਾੜਾ ਅੱਪਟੂ ਬਹਿਰਾਮ ਸੜਕ ਨੂੰ ਲੋਕ ਅਰਪਿਤ ਕੀਤਾ ਗਿਆ।ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਇਸ ਸੜਕ ਦੀ ਲੰਬਾਈ 10.60 ਕਿਲੋਮੀਟਰ ਹੈ ਅਤੇ ਇਸ ’ਤੇ ਕਰੀਬ 5.62 ਕਰੋੜ ਰੁਪਏ ਦੀ ਲਾਗਤ ਆਈ ਹੈ।

ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਵਿਸ਼ੇਸ਼ ਮੋਬਾਇਲ ਵੈਨ ਕੀਤੀ ਰਵਾਨਾ

ਉਨ੍ਹਾਂ ਨਸ਼ਿਆਂ ਖਿਲਾਫ਼ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਵਿਸ਼ੇਸ਼ ਮੋਬਾਇਲ ਵੈਨ ਨੂੰ ਵੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਦੌਰਾਨ ਉਨ੍ਹਾਂ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੀਆਂ ਸ਼ਖਸੀਅਤਾਂ ਅਤੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।
                   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਪੀ ਮਨਵਿੰਦਰ ਬੀਰ ਸਿੰਘ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਤਹਿਸੀਲਦਾਰ ਬਲਜਿੰਦਰ ਸਿੰਘ ਤੋਂ ਇਲਾਵਾ ਸਿਵਲ, ਜੁਡੀਸ਼ੀਅਲ ਤੇ ਪੁਲਿਸ ਅਧਿਕਾਰੀ ਅਤੇ ਜ਼ਿਲ੍ਹੇ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ।

Check Also

ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਮਨਾਈ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ …