ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ
ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ।
ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ।ਹਾਲਾਂਕਿ ਸਾਲ 2021 ਦੇ ਸਟੇਟ ਐਵਾਰਡੀਆਂ ਲਈ ਵੱਖਰੇ ਤੌਰ ‘ਤੇ ਸਮਾਗਮ ਕਰਵਾਇਆ ਜਾਵੇਗਾ।ਜਿੱਥੇ ਪੱਛਮੀ ਕਮਾਂਡ ਦੇ ਕਮਾਂਡਰ ਇਨ ਚੀਫ ਅਤੇ ਬਾਕੀ ਸਾਰੇ ਰੈਂਕਾਂ ਦੇ ਅਫਸਰਾਂ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਕੋਵਿਡ ਵਿਰੁੱਧ ਲੜਾਈ ਵਿੱਚ ਮਿਸਾਲੀ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ ਐਵਾਰਡ’ ਨਾਲ ਸਨਮਾਨਿਤ ਕੀਤਾ ਜੋ ਇਸ ਵੇਲੇ ਮਲੇਰਕੋਟਲਾ ਵਿਖੇ ਸਿਟੀ-2 ਦੇ ਐਸ.ਐਚ.ਓ ਵਜੋਂ ਤਾਇਨਾਤ ਹਨ ਅਤੇ ਉਨ੍ਹਾਂ ਨੇ ਮਲੇਰਕੋਟਲਾ ਵਿਚ ਇਕ ਦੁਕਾਨ ਦੇ ਉਪਰ ਸਥਿਤ ਘਰ ਵਿੱਚ ਅੱਗ ਲੱਗ ਜਾਣ ‘ਤੇੇ ਉਥੇ ਰਹਿੰਦੇ ਪਰਿਵਾਰ ਨੂੰ ਬਚਾਉਣ ਲਈ ਸਾਹਸ ਅਤੇ ਬਹਾਦਰੀ ਦਿਖਾਈ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮਾਂ ਦੀ ਅਗਵਾਈ ਕਰ ਰਹੇ ਸਨ।ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਕਮਾਂਡਰ ਡੀ.ਐਸ.ਪੀ ਮਾਧਵੀ ਸ਼ਰਮਾ ਅਤੇ ਸੈਕਿੰਡ-ਇਨ-ਕਮਾਂਡ ਡੀ.ਐਸ.ਪੀ ਹਰਿੰਦਰ ਸਿੰਘ ਮਾਨ ਦੀ ਅਗਵਾਈ ਵਾਲੀ ਮਾਰਚ ਪਾਸਟ ਦੀ ਟੁਕੜੀ ਤੋਂ ਸਲਾਮੀ ਲਈ।ਪਰੇਡ ਵਿਚ ਸ਼ਾਮਲ ਟੁਕੜੀਆਂ ਵਿਚ ਪੰਜਾਬ ਪੁਲੀਸ ਰਿਕਰੂਟਜ਼ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ, ਪੰਜਾਬ ਜੇਲ੍ਹ ਪੁਲੀਸ, ਚੰਡੀਗੜ੍ਹ ਪੁਲੀਸ, ਗਾਰਡੀਅਨਜ਼ ਆਫ ਗਵਰਨੈਂਸ ਅਤੇ ਪੰਜਾਬ ਆਰਮਡ ਪੁਲੀਸ ਦਾ ਪਾਈਪ ਬੈਂਡ ਸ਼ਾਮਲ ਸਨ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਏ.ਆਈ.ਜੀ ਐਸ.ਟੀ.ਐਫ ਸਨੇਹਦੀਪ ਸ਼ਰਮਾ, ਡੀ.ਐਸ.ਪੀ ਜਲੰਧਰ ਗੁਰਮੀਤ ਸਿੰਘ, ਏ.ਡੀ.ਸੀ.ਪੀ-4 ਲੁਧਿਆਣਾ ਰੁਪਿੰਦਰ ਕੌਰ ਸਰਾ, ਏ.ਡੀ.ਸੀ.ਪੀ ਜਾਂਚ ਲੁਧਿਆਣਾ ਰੁਪਿੰਦਰ ਕੌਰ ਭੱਟੀ, ਡੀ.ਐਸ.ਪੀ ਡਿਟੈਕਟਿਵ ਮੋਗਾ ਜੰਗਜੀਤ ਸਿੰਘ ਅਤੇ ਡੀ.ਐਸ.ਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਗੁਰਿੰਦਰਪਾਲ ਸਿੰਘ ਤੋਂ ਇਲਾਵਾ ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਸੁਰਿੰਦਰ ਕੌਰ, ਇੰਸਪੈਕਟਰ ਬਿਠਲ ਹਰੀ, ਐਸ.ਆਈ ਲਖਬੀਰ ਸਿੰਘ, ਏ.ਐਸ.ਆਈ ਕੰਵਲਜੀਤ ਸਿੰਘ, ਏ.ਐਸ.ਆਈ ਅਮਨਦੀਪ ਸਿੰਘ, ਏ.ਐਸ.ਆਈ ਜਗਦੀਪ ਸਿੰਘ, ਕਾਂਸਟੇਬਲ ਜਗਜੀਤ ਸਿੰਘ ਅਤੇ ਕਾਂਸਟੇਬਲ ਦਲਜੀਤ ਕੁਮਾਰ ਨੂੰ ਵੀ ਸਨਮਾਨਿਤ ਕੀਤਾ।
ਮੁੱਖ ਮੰਤਰੀ ਨੇ ਇਥੇ ਗਾਂਧੀ ਮੈਦਾਨ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਵਿਸ਼ਵਾਸ ਜ਼ਾਹਰ ਕੀਤਾ ਕਿ ਲੋਕਾਂ ਦੀ ਸਾਂਝੀ ਭਾਵਨਾ ਨਾਲ ਸਾਰੀਆਂ ਚੁਣੌਤੀਆਂ ਉਤੇ ਜਿੱਤ ਹਾਸਲ ਕਰ ਲਵਾਂਗੇ।ਉਨ੍ਹਾਂ ਨੇ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਦੇ ਪਰਵਾਨਿਆਂ ਨੂੰ ਵੀ ਯਾਦ ਕੀਤਾ ਜਿਨ੍ਹਾਂ ਸਦਕਾ ਸਾਨੂੰ ਆਜ਼ਾਦੀ ਨਸੀਬ ਹੋਈ ਹੈ।
ਅੰਡੇਮਾਨ ਸੈਲੂਲਰ ਜੇਲ੍ਹ ਦੇ ਦੌਰੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਥੇ ਉਨ੍ਹਾਂ ਨੇ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਦੇਖੇ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਇਨ੍ਹਾਂ ਲੋਕਾਂ ਨੇ ਵੀ ਦੇਸ਼ ਦੀ ਆਜ਼ਾਦੀ ਲਈ ਅਦੰਲੋਨ ਵਿਚ ਹਿੱਸਾ ਲਿਆ ਸੀ।ਇਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media