ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਅਰ ਨੂੰ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ
ਫੰਡ ਦੇਣ ਦਾ ਭਰੋਸਾ ਦਿਤਾ ਅਤੇ ਉਨ੍ਹਾਂ ਨੂੰ ਇਸ ਲਈ ਵਿਆਪਕ ਮਤੇ ਭੇਜਣ ਲਈ ਕਿਹਾ।
ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਣਾਂ ਨਾਲ ਸਬੰਧਤ ਉਨ੍ਹਾਂ ਦੀਆਂ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ।ਉਨ੍ਹਾਂ ਮੇਅਰ ਨੂੰ ਪਹਿਲ ਦੇ ਆਧਾਰ `ਤੇ ਕੀਤੇ ਜਾਣ ਵਾਲੇ ਵਿਕਾਸ ਕਾਰਜ਼ਾਂ ਬਾਰੇ ਜਾਣਕਾਰੀ ਦੇਣ ਲਈ ਵਿਸਥਾਰਤ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਦੁਆਰਾ ਇਸ ਦੀ ਸਮੀਖਿਆ ਕਰਕੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਨੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਚੋਂ ਬਹੁਤਿਆਂ ਨੂੰ ਉਨ੍ਹਾਂ ਦਿਨਾਂ ਤੋਂ ਨਿੱਜੀ ਤੌਰ `ਤੇ ਜਾਣਦੇ ਹਨ, ਜਦੋਂ ਉਨ੍ਹਾਂ ਨੇ ਅੰਮ੍ਰਿਤਸਰ ਤੋਂ ਸੰਸਦੀ ਚੋਣ ਲੜੀ ਸੀ ਅਤੇ ਸੀਨੀਅਰ ਭਾਜਪਾ ਨੇਤਾ ਮਰਹੂਮ ਅਰੁਣ ਜੇਤਲੀ ਨੂੰ ਹਰਾਇਆ ਸੀ।
75ਵੇਂ ਆਜ਼ਾਦੀ ਦਿਹਾੜੇ `ਤੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ 130 ਸਾਲ ਤੋਂ ਵੱਧ ਸਮੇਂ ਦੇ ਸੁਨਹਿਰੀ ਅਤੀਤ ਨਾਲ ਮਹਾਤਮਾ ਗਾਂਧੀ, ਮੋਤੀ ਲਾਲ ਨਹਿਰੂ, ਜਵਾਹਰ ਲਾਲ ਨਹਿਰੂ ਅਤੇ ਕਈ ਹੋਰ ਅਣਜਾਣ ਆਗੂਆਂ ਅਤੇ ਵਰਕਰਾਂ ਦੇ ਦਿਨਾਂ ਤੋਂ ਭਾਰਤੀ ਦੇ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।
ਆਪਣੇ ਸਵਾਗਤੀ ਭਾਸ਼ਣ ਵਿੱਚ ਮੇਅਰ ਰਿੰਟੂ ਨੇ ਮੁੱਖ ਮੰਤਰੀ ਨੂੰ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ `ਗੁਰੂ ਕੀ ਨਗਰੀ` ਦੇ ਸਰਵਪੱਖੀ ਵਿਕਾਸ ਲਈ 50 ਕਰੋੜ ਰੁਪਏ ਦੇ ਵਾਧੂ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ।ਉਨ੍ਹਾਂ ਨੇ ਵਿਕਾਸ ਕਾਰਜ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੌਂਸਲਰਾਂ ਦੇ ਮਹੀਨਾਵਾਰ ਭੱਤਿਆਂ ਵਿੱਚ ਵਾਜ਼ਬ ਵਾਧੇ ਦੀ ਮੰਗ ਵੀ ਕੀਤੀ। ਇਸ ਤੋਂ ਪਹਿਲਾਂ ਸਥਾਨਕ ਕੌਂਸਲਰ ਮੋਤੀ ਭਾਟੀਆ ਨੇ ਵੀ ਸ਼ਹਿਰ ਦੇ ਵਿਕਾਸ ਲਈ ਫੰਡਾਂ ਦਾ ਮੁੱਦਾ ਉਠਾਇਆ।
ਮੇਅਰ ਜਿਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ ਵੀ ਮੌਜ਼ੂਦ ਸਨ, ਨੇ ਮੁੱਖ ਮੰਤਰੀ ਨੂੰ ਪਿਆਰ ਅਤੇ ਸਨੇਹ ਦੇ ਪ੍ਰਤੀਕ ਵਜੋਂ ਤੋਹਫ਼ੇ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਅਤੇ ਮੁਹੰਮਦ ਸਦੀਕ, ਵਿਧਾਇਕ ਤਰਸੇਮ ਸਿੰਘ ਡੀ.ਸੀ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਡੈਨੀ ਅਤੇ ਨਵਤੇਜ ਸਿੰਘ ਚੀਮਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸਿਨਹਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਮੌਜ਼ੂਦ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media