ਡਾ. ਓਬਰਾਏ ਦੇ ਬੇਮਿਸਾਲ ਸੇਵਾ ਕਾਰਜ਼ਾਂ ਨੇ ਪੰਜਾਬ ਸਰਕਾਰ ਦਾ ਵੀ ਮਾਣ ਵਧਾਇਆ – ਔਜਲਾ, ਸੋਨੀ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ `ਚੋਂ ਹੀ ਕਰੋੜਾਂ ਰੁਪਏ ਖ਼ਰਚ ਕਰਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਸਥਾਪਿਤ ਕੀਤੇ ਗਏ ਬਹੁ-ਸਮਰੱਥਾ ਵਾਲੇ ਆਕਸੀਜਨ ਪਲਾਂਟ ਦਾ ਉਦਘਾਟਨ ਅੱਜ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਅਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਸਾਂਝੇ ਤੌਰ ‘ਤੇ ਟਰੱਸਟ ਮੁੱਖੀ ਡਾ.ਐਸ.ਪੀ ਸਿੰਘ ਓਬਰਾਏ ਦੀ ਮੌਜ਼ੂਦਗੀ `ਚ ਕੀਤਾ ਗਿਆ।
ਇਸ ਦੌਰਾਨ ਸੰਸਦ ਔਜਲਾ ਅਤੇ ਕੈਬਨਿਟ ਮੰਤਰੀ ਸੋਨੀ ਨੇ ਕੋਵਿਡ ਦੌਰਾਨ ਡਾ.ਐਸ.ਪੀ ਸਿੰਘ ਓਬਰਾਏ ਵਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ `ਚ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵੇਲੇ ਸਰਕਾਰ ਨੂੰ ਵੱਡਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਡਾ.ਓਬਰਾਏ ਵੱਲੋਂ ਨਿਭਾਈਆਂ ਜਾਂਦੀਆਂ ਨਿਸ਼ਕਾਮ ਸੇਵਾਵਾਂ ਦੀ ਬਦੌਲਤ ਸਮੁੱਚੀ ਪੰਜਾਬੀਅਤ ਦਾ ਮਾਣ ਪੂਰੀ ਦੁਨੀਆਂ ‘ਚ ਵਧਿਆ ਹੈ।
ਟਰੱਸਟ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ ਦੋ ਮਹੀਨੇ ਪਹਿਲਾਂ ਸੂਬੇ `ਚ 5 ਵੱਡੇ ਆਕਸੀਜਨ ਪਲਾਂਟ ਲਾਉਣ ਦੇ ਕੀਤੇ ਗਏ ਆਪਣੇ ਵਾਅਦੇ ਪੂਰੇ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਅੰਮ੍ਰਿਤਸਰ, ਬਾਬਾ ਫ਼ਰੀਦ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਫ਼ਰੀਦਕੋਟ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਅਤੇ ਡਾ: ਬੀ.ਆਰ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੋਹਾਲੀ ਵਿਖੇ 5 ਬਹੁ-ਸਮਰੱਥਾ ਵਾਲੇ ਆਕਸੀਜਨ ਪਲਾਂਟ ਸਥਾਪਤ ਕਰ ਦਿੱਤੇ ਹਨ, ਜਿਨ੍ਹਾਂ `ਚੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਲੱਗੇ ਦੋ ਆਕਸੀਜਨ ਪਲਾਂਟਾਂ ਦਾ ਉਦਘਾਟਨ ਦੋ ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫਰੰਸ ਰਾਹੀਂ ਤੇ ਉਨ੍ਹਾਂ ਵਲੋਂ ਫ਼ਰੀਦਕੋਟ ਵਿਖੇ ਪਹੁੰਚ ਕੇ ਰਸਮੀ ਤੌਰ `ਤੇ ਕਰ ਦਿੱਤਾ ਗਿਆ ਸੀ, ਜਦ ਕਿ ਬਾਕੀ ਬਚਦੇ 2 ਪਲਾਂਟਾਂ ਦਾ ਉਦਘਾਟਨ ਵੀ ਇਕ ਹਫ਼ਤੇ ਦੇ ਅੰਦਰ ਹੀ ਹੋ ਜਾਵੇਗਾ। ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਸਥਾਪਿਤ ਕੀਤਾ ਗਿਆ ਨਾਮਵਰ ਵਿਦੇਸ਼ੀ ਕੰਪਨੀ ਦਾ ਬਣਿਆ ਹਰੇਕ ਅਤਿ ਆਧੁਨਿਕ ਪਲਾਂਟ 1 ਮਿੰਟ `ਚ 1 ਹਜ਼ਾਰ ਲੀਟਰ ਆਕਸੀਜਨ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈ।ਉਨ੍ਹਾਂ ਦੱਸਿਆ ਕਿ ਬੇਸ਼ੱਕ ਇਨ੍ਹਾਂ ਪਲਾਂਟਾਂ ਦੁਆਰਾ ਹਸਪਤਾਲ `ਚ ਦਾਖ਼ਲ ਮਰੀਜ਼ਾਂ ਦੇ ਬੈਡਾਂ `ਤੇ ਸਿੱਧੀ ਆਕਸੀਜਨ ਦੀ ਸਪਲਾਈ ਦਿੱਤੀ ਜਾਂਦੀ ਹੈ।ਪਰ ਉਨ੍ਹਾਂ ਵਲੋਂ ਇਨ੍ਹਾਂ ਸਾਰੇ ਪਲਾਂਟਾਂ `ਤੇ ਵਿਸ਼ੇਸ਼ ਬੂਸਟਰ ਵੀ ਲਗਵਾਏ ਗਏ ਹਨ ਤਾਂ ਜੋ ਲੋੜ ਪੈਣ `ਤੇ ਸਿਲੰਡਰ ਵੀ ਭਰੇ ਜਾ ਸਕਣ।ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਆਕਸੀਜਨ ਪਲਾਂਟਾਂ ਰਾਹੀਂ ਹਰ ਰੋਜ਼ 1500 ਸਿਲੰਡਰ ਭਰੇ ਜਾ ਸਕਦਾ ਹਨ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਵਿੱਖ `ਚ ਜ਼ਰੂਰਤ ਪੈਂਦੀ ਹੈ ਤਾਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 1000 ਆਕਸੀਜਨ ਸਿਲੰਡਰ ਵੀ ਮੁਫ਼ਤ ਦਿੱਤੇ ਜਾਣਗੇ।
ਜ਼ਿਕਰਯੋਗ ਹੈ ਕਿ ਇਸ ਆਕਸੀਜਨ ਪਲਾਂਟ ਲਈ ਲੋੜੀਂਦੇ ਸ਼ੈਡ, ਜਨਰੇਟਰ, ਵਾਇਰਿੰਗ ਆਦਿ ਦਾ ਸਮੁੱਚਾ ਪ੍ਰਬੰਧ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਆਪਣੇ ਅਖ਼ਤਿਆਰੀ ਕੋਟੇ `ਚੋਂ ਕੀਤਾ ਹੈ।
ਇਸ ਦੌਰਾਨ ਏ.ਡੀ.ਸੀ ਰਣਬੀਰ ਸਿੰਘ ਮੂਧਲ, ਮੈਡੀਕਲ ਕਾਲਜ ਦੇ ਡਾਇਰੈਕਟਰ ਕਮ-ਪ੍ਰਿੰਸੀਪਲ ਡਾ.ਰਾਜੀਵ ਦੇਵਗਨ, ਵਾਈਸ ਪ੍ਰਿੰਸੀਪਲ ਡਾ. ਜਗਦੇਵ ਸਿੰਘ ਕੁਲਾਰ,ਮੈਡੀਕਲ ਸੁਪਰਡੈਂਟ ਡਾ.ਕੇ.ਡੀ. ਸਿੰਘ,ਕਲੋਨਾਇਜ਼ਰ ਗੌਰਵ ਸ਼ਰਮਾ,ਗੌਰਵਜੀਤ ਸਿੰਘ ਛੀਨਾ, ਟਰੱਸਟ ਤੋਂ ਡਾ. ਆਰ.ਐਸ ਅਟਵਾਲ, ਡਾ. ਸਤਨਾਮ ਸਿੰਘ ਨਿੱਜਰ, ਮਾਝਾ ਜੋਨ ਇੰਚਾਰਜ਼ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ,ਹਰਦੀਪ ਸਿੰਘ ਖ਼ਲਚੀਆਂ,ਸਿਸ਼ਪਾਲ ਸਿੰਘ ਲਾਡੀ ਤੋਂ ਇਲਾਵਾ ਗੁਰੂ ਨਾਨਕ ਹਸਪਤਾਲ ਅਤੇ ਮੈਡੀਕਲ ਕਾਲਜ ਦਾ ਸਮੁੱਚਾ ਸਟਾਫ਼ ਵੀ ਮੌਜ਼ੂਦ ਸੀ।