ਕੌਮੀ ਲੋਕ ਅਦਾਲਤ ਸਬੰਧੀ ਪੰਚਾਇਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ
ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ
ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕ੍ਰਿਮੀਨਲ ਕੰਪਾਊਂਡੇਬਲ ਕੇਸ, ਚੈਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟ੍ਰਿਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੌਮੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਆਮ ਲੋਕ ਆਪਣੇ ਕੇਸ ਇਸ ਲੋਕ ਅਦਾਲਤ ਵਿਚ ਲਗਾ ਕੇ ਵੱਧ ਤੋਂ ਵੱਧ ਲਾਭ ਲੈ ਸਕਣ।
ਇਸ ਮੌਕੇ ਡੀ.ਡੀ.ਪੀ.ਓ ਦਵਿੰਦਰ ਕੁਮਾਰ ਤੋਂ ਇਲਾਵਾ ਸਮੂਹ ਬੀ.ਡੀ.ਪੀ.ਓ ਹਾਜ਼ਰ ਸਨ।
Punjab Post Daily Online Newspaper & Print Media