ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ
ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਬੈਂਕ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ
ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ। ਡਾ. ਅਗਰਵਾਲ ਨੇ ਇਸ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਮਿਥੇ ਟੀਚਿਆਂ ਨੂੰ ਪੂਰਾ ਕਰਨ ਲਈ ਪੂਰੀ ਜਿੰਮੇਵਾਰੀ ਨਾਲ ਕੰਮ ਕਰਨ। ਉਨ੍ਹਾਂ ਬੈਂਕਾਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਨਾਲ ਜੋੜਨ ਲਈ ਹੰਭਲਾ ਮਾਰ।ਬੈਂਕਾਂ ਨੂੰ ਲੋੜਵੰਦਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਹਾਇਕ ਬਣ ਕੇ ਉਨ੍ਹਾਂ ਦਾ ਜੀਵਨ ਪੱਧਰ ਉਚਾ ਕਰਨ ਵਿੱਚ ਮਦਦ ਕਰਨੀ ਚਾਹੀਦੀ ਹੈ।ਉਹ ਸਵੈ-ਸਹਾਈ ਗਰੁੱਪਾਂ ਦੀ ਸਹਾਇਤਾ ਕਰਕੇ ਉਨ੍ਹਾਂ ਨੂੰ ਪ੍ਰਫੁੱਲਿਤ ਕਰਨ ਵਿਚ ਆਪਣਾ ਯੋਗਦਾਨ ਦੇਣ। ਉਨ੍ਹਾਂ ਹਦਾਇਤ ਕੀਤੀ ਕਿ ਸਵੈ-ਰੁਜ਼ਗਾਰ ਸਕੀਮਾਂ ਅਧੀਨ ਬੈਂਕਾਂ ਵਿਚ ਆਏ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬੇਰੁਜ਼ਗਾਰ ਨੌਜਵਾਨ ਬੈਂਕਾਂ ਤੋਂ ਛੇਤੀ ਕਰਜ਼ੇ ਪ੍ਰਾਪਤ ਕਰਕੇ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ।
ਉਨ੍ਹਾਂ ਜ਼ਿਲ੍ਹੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੂੰ ਮਿੱਥੇ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਕਰਜ਼ ਪਲਾਨ, ਮਿਸ਼ਨ ਫ਼ਤਿਹ ਜਾਗਰੂਕਤਾ ਮੁਹਿੰਮ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਅਟੱਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਪੀ.ਐਨ.ਬੀ ਦੇ ਡਿਪਟੀ ਸਰਕਲ ਹੈਡ ਏ.ਕੇ ਸ਼ਰਮਾ, ਐਲ.ਡੀ.ਐਮ ਰਜਨੀਸ਼ ਕੁਮਾਰ ਸ਼ਰਮਾ, ਆਰ.ਬੀ.ਆਈ ਦੇ ਐਲ.ਡੀ.ਓ ਅਨੂਪ ਕੁਮਾਰ ਸ਼ਰਮਾ, ਡੀ.ਡੀ.ਐਮ ਨਾਬਾਰਡ ਵੀ.ਕੇ ਸਿੰਘ ਅਤੇ ਰਜਨੀਸ਼ ਕਾਂਤ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੇ ਡੀ.ਸੀ.ਓ ਹਾਜ਼ਰ ਸਨ।
Punjab Post Daily Online Newspaper & Print Media