Saturday, July 27, 2024

ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ’ਚ ਸਥਿਤ ਗੁ. ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਆਰੰਭ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦਗਾਰ ਗੁਰਦੁਆਰਾ ਸ਼ਹੀਦ ਬੁੰਗਾ ਦੇ ਨਵੀਨੀਕਰਨ ਦੀ ਸੇਵਾ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ੁਰੂ ਕੀਤੀ ਗਈ।ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸੰਗਤਾਂ ਨੂੰ ਸਰਵਣ ਕਰਵਾਇਆ।
                   ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ਵਿਚ ਵੱਖ-ਵੱਖ ਯਾਦਗਾਰਾਂ ਸਥਾਪਿਤ ਹਨ, ਜੋ ਸਿੱਖ ਇਤਿਹਾਸ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਸੰਗਤਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸਥਾਨ ਦਾ ਨਵੀਨੀਕਰਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਿੰਘ ਸਾਹਿਬਾਨ ਨਾਲ ਵਿਚਾਰ ਕਰਕੇ ਗੁਰਦੁਆਰਾ ਸ਼ਹੀਦ ਬੁੰਗਾ ਦਾ ਨਵੀਨੀਕਰਨ ਕਰਨ ਦਾ ਫੈਸਲਾ ਕੀਤਾ ਸੀ, ਜਿਸ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸਿੱਖ ਇਤਿਹਾਸ ਅੰਦਰ ਅਹਿਮ ਅਸਥਾਨ ਹੈ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਸ਼ਹੀਦੀ ਦਿੱਤੀ।ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਇਸ ਅਸਥਾਨ ਨਾਲ ਜੁੜੀਆਂ ਹੋਈਆਂ ਹਨ ਅਤੇ ਬਹੁਤ ਸਾਰੀ ਸੰਗਤ ਇਥੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਲੈਣਾ ਚਾਹੁੰਦੀ ਹੈ।ਇਸ ਦੇ ਨਵੀਨੀਕਰਨ ਨਾਲ ਸੰਗਤਾਂ ਇਥੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਸਕਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾ ਰਹੀ ਇਸ ਸੇਵਾ ਵਿਚ ਕਰਨਲ ਬਲਬੀਰ ਸਿੰਘ ਸਰਹਾਲੀ ਦੇ ਪਰਿਵਾਰ ਵੱਲੋਂ ਮਾਇਕ ਯੋਗਦਾਨ ਪਾਇਆ ਜਾਵੇਗਾ।ਬੀਬੀ ਜਗੀਰ ਕੌਰ ਨੇ ਕਰਨਲ ਬਲਬੀਰ ਸਿੰਘ ਸਰਹਾਲੀ ਨੂੰ ਗੁਰੂ ਬਖ਼ਸ਼ਿਸ ਸਿਰੋੋਪਾਓ ਦੇ ਕੇ ਸਨਮਾਨਿਤ ਕੀਤਾ।
                      ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਬੀਬੀ ਪਰਮਜੀਤ ਕੌਰ ਛਾਬੜਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਟ ਰਾਵਲ ਸਿੰਘ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਜਤਿੰਦਰ ਸਿੰਘ ਐਸ.ਡੀ.ਓ, ਸ਼ਮਸ਼ੇਰ ਸਿੰਘ ਜੇਈ ਅਤੇ ਸੰਗਤਾਂ ਮੌਜੂਦ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …