Saturday, June 14, 2025
Breaking News

ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 28 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ

ਮਾਂ-ਪੁੱਤ ਦਾ ਹੋਇਆ ਇਕੱਠਾ ਸਸਕਾਰ

ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ) – ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਕੇ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਇਲਾਕੇ ਦੇ ਪਿੰਡ ਨੰਗਲ ਅਰੀਆਂ ਦੇ 28 ਸਾਲਾ ਦਲਜੀਤ ਕੁਮਾਰ ਪੁੱਤਰ ਕਿਸ਼ਨ ਲਾਲ ਦਾ ਮਿ੍ਤਕ ਸਰੀਰ ਅੱਜ ਸਵੇਰੇ ਤੜਕਸਾਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਪਹੁੰਚਿਆ।
                    ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਇਥੇ ਭੇਜੀ ਈਮੇਲ ‘ਚ ਦੱਸਿਆ ਕਿ ਦਲਜੀਤ ਕੁਮਾਰ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਦੀ ਕੋਸ਼ਿਸ਼ `ਚ ਦੋ ਸਾਲ ਪਹਿਲਾਂ ਹੀ ਮਿਹਨਤ ਮਜ਼ਦੂਰੀ ਕਰਨ ਲਈ ਦੁਬਈ ਆਇਆ ਸੀ।ਪਰਿਵਾਰਕ ਮੈਂਬਰਾਂ ਦੇ ਦੱਸੇ ਮੁਤਾਬਿਕ ਦਲਜੀਤ ਨੇ ਕੁੱਝ ਕਾਰਨਾਂ ਕਰਕੇ ਆਪਣੀ ਕੰਮ ਵਾਲੀ ਕੰਪਨੀ ਛੱਡ ਦਿੱਤੀ ਸੀ।ਜਿਸ ਉਪਰੰਤ ਕੰਪਨੀ ਨੇ ਉਸ ਖਿਲਾਫ਼ ਵਿਚਾਲੇ ਕੰਟਰੈਕਟ ਤੋੜਨ ਦਾ ਕੇਸ ਦਰਜ਼ ਕਰਵਾ ਦਿੱਤਾ ਸੀ।ਇਸ ਪਿਛੋਂ ਕੋਈ ਹੋਰ ਕੰਮ ਨਾ ਮਿਲਣ ਕਾਰਨ ਉਹ ਮਾਨਸਿਕ ਦਬਾਅ ਹੇਠ ਆ ਗਿਆ ਸੀ।ਕੁੱਝ ਦਿਨ ਜਿਆਦਾ ਬਿਮਾਰ ਰਹਿਣ ਕਾਰਨ ਬੀਤੀ 1 ਅਗਸਤ ਨੂੰ ਉਸ ਦੀ ਮੌਤ ਹੋ ਗਈ।ਉਨ੍ਹਾਂ ਦੱਸਿਆ ਪੀੜਤ ਪਰਿਵਾਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਮ੍ਰਿਤਕ ਦੇਹ ਭਾਰਤ ਲਿਆਉੁਣ `ਚ ਸਹਿਯੋਗ ਮੰਗਿਆ ਸੀ।ਜਿਸ ਉਪਰੰਤ ਉਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਵਿਸ਼ੇਸ਼ ਸਹਿਯੋਗ ਸਦਕਾ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਜਲਦ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਦਲਜੀਤ ਦੇ ਮ੍ਰਿਤਕ ਸਰੀਰ ਅੱਜ ਸਵੇਰੇ ਤੜਕਸਾਰ ਭਾਰਤ ਭੇਜ ਕੇ ਉਸ ਦੇ ਵਾਰਸਾਂ ਨੂੰ ਸੌਂਪ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਹੁਣ ਤੱਕ 249 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
              ਇਥੇ ਇਹ ਵੀ ਦੱਸਣਯੋਗ ਹੈ ਕਿ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੀ ਮ੍ਰਿਤਕ ਦਲਜੀਤ ਕੁਮਾਰ ਦੀ ਮਾਤਾ ਨਿਰਮਲ ਕੌਰ ਦੀ ਵੀ ਬੀਤੇ ਦਿਨ ਮੌਤ ਹੋ ਗਈ ਸੀ, ਜਿਸ ਕਾਰਨ ਅੱਜ ਮਾਂ ਤੇ ਪੁੱਤ ਦਾ ਇਕੱਠਿਆਂ ਸਸਕਾਰ ਕੀਤਾ ਗਿਆ ਹੈ।
                 ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਲੈਣ ਪਹੁੰਚੇ ਮ੍ਰਿਤਕ ਦੇ ਚਾਚੇ ਅਮਰਜੀਤ ਸਿੰਘ ਅਤੇ ਜੀਜੇ ਦਿਲਬਾਗ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਪਰਿਵਾਰ ਨੂੰ ਦਲਜੀਤ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …