ਬੀਬੀ ਜਗੀਰ ਕੌਰ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਦੀ ਮੰਗ ਨੂੰ ਵੇਖਦਿਆਂ ਵਿਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਪ੍ਰਿੰਟਿੰਗ ਪ੍ਰੈਸਾਂ ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇਸ਼ ਅੰਦਰ ਵੱਖ-ਵੱਖ ਸੂਬਿਆਂ ਵਿਚ ਲੋੜ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੜਕੀ ਮਾਰਗ ਰਾਹੀਂ ਸਤਿਕਾਰ ਸਹਿਤ ਆਪ ਪਹੁੰਚਾਉਣ ਦਾ ਪ੍ਰਬੰਧ ਕਰੇਗੀ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਦੀ ਸੰਗਤ ਵੱਲੋਂ ਗੁਰਦੁਆਰਾ ਸਾਹਿਬਾਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ਾਂ ਵਿਚ ਪ੍ਰੈਸਾਂ ਸਥਾਪਿਤ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਹ ਫੈਸਲਾ ਅੰਤ੍ਰਿੰਗ ਕਮੇਟੀ ਨੇ ਲੰਮੀ ਵਿਚਾਰ ਮਗਰੋਂ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਦੇਸ਼ਾਂ ’ਚ ਪਾਵਨ ਸਰੂਪ ਭੇਜਣ ਸਮੇਂ ਆਉਂਦੀਆਂ ਮੁਸ਼ਕਲਾਂ ਕਾਰਨ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਵਿਚ ਵੱਖ-ਵੱਖ ਦੇਸ਼ਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾਵੇਗੀ।
ਅਮਰੀਕਾ ਅਤੇ ਕੈਨੇਡਾ ਦੇ ਨਾਲ-ਨਾਲ ਯੂਰਪ ਅਤੇ ਆਸਟ੍ਰੇਲੀਆ ਜਾਂ ਨਿਊਜੀਲੈਂਡ ਵਿੱਚ ਪ੍ਰਿੰਟਿੰਗ ਪ੍ਰੈਸਾਂ ਲਗਾਈਆਂ ਜਾਣਗੀਆਂ।ਇਸ ਕਾਰਜ਼ ਲਈ ਸਥਾਨਕ ਪੱਧਰ ’ਤੇ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦਾ ਸਹਿਯੋਗ ਲਿਆ ਜਾਵੇਗਾ।ਉਨਾਂ ਕਿਹਾ ਕਿ ਜਿਹੜੇ ਦੇਸ਼ ਵਿੱਚ ਵੀ ਪ੍ਰਿੰਟਿੰਗ ਪ੍ਰੈਸ ਲਗਾਈ ਜਾਵੇਗੀ, ਉਥੋਂ ਅੱਗੇ ਨੇੜਲੇ ਦੇਸ਼ਾਂ ਵਿੱਚ ਸੜਕੀ ਮਾਰਗ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੋੜ ਵਾਲੀ ਥਾਂ ’ਤੇ ਭੇਜੀ ਜਾਣਗੇ।ਉਨ੍ਹਾਂ ਇਹ ਵੀ ਦੱਸਿਆ ਕਿ ਗੁਜਰਾਤ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ 100 ਪਾਵਨ ਸਰੂਪਾਂ ਦੀ ਪੁੱਜੀ ਮੰਗ ਵੀ ਪ੍ਰਵਾਨ ਕਰ ਲਈ ਗਈ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਸ਼ੇਸ਼ ਬੱਸ ਰਾਹੀਂ ਆਪ ਪਾਵਨ ਸਰੂਪ ਗੁਜਰਾਤ ਪਹੁੰਚਾਏਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਗੇ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਦੀ ਭੇਟਾ 9500 ਰੁਪਏ ਕਰ ਦਿੱਤੀ ਗਈ ਹੈ।
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਸੰਗਤ ਨੂੰ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਬੰਧ ਵਿਚ ਜਲਦ ਹਰੀ ਝੰਡੀ ਦੇਵੇ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ।ਉਨ੍ਹਾਂ ਆਖਿਆ ਕਿ ਕੋਰੋਨਾ ਕਰਕੇ ਬੰਦ ਹੋਇਆ ਲਾਂਘਾ ਤੁਰੰਤ ਖੋਲ੍ਹਣਾ ਚਾਹੀਦਾ ਹੈ ਅਤੇ ਖ਼ਾਸਕਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਦਿਹਾੜੇ ਤੋਂ ਪਹਿਲਾਂ ਪਹਿਲਾਂ ਇਸ ਦਾ ਫੈਸਲਾ ਕੀਤਾ ਜਾਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਫ਼ਗਾਨਿਸਤਾਨ ਵਿਚ ਮੌਜੂਦਾ ਹਾਲਾਤਾਂ ਕਰਕੇ ਭੈਅ ਭੀਤ ਸਿੱਖਾਂ ਨੂੰ ਭਾਰਤ ਲਿਆਉਣ ਦੀ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸਿੱਖ ਭਾਰਤ ਆਉਣਗੇ ਉਨ੍ਹਾਂ ਦੇ ਰਹਿਣ ਅਤੇ ਰੁਜ਼ਗਾਰ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਫੈਸਲਾ ਕੀਤਾ ਹੋਇਆ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਭਾਈ ਇੰਦਰਜੀਤ ਸਿੰਘ ਖਾਲਸਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਪੜ੍ਹਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ ਗਈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਬਲਦੇਵ ਸਿੰਘ ਚੂੰਘਾਂ, ਅਜਮੇਰ ਸਿੰਘ ਖੇੜਾ, ਭੁਪਿੰਦਰ ਸਿੰਘ ਭਲਵਾਨ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਦਰਸ਼ਨ ਸਿੰਘ ਸ਼ੇਰ ਖਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਹਰਭਜਨ ਸਿੰਘ ਮਸਾਣਾਂ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਓਐਸਡੀ ਸਤਬੀਰ ਸਿੰਘ ਧਾਮੀ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ ਹਾਜ਼ਰ ਸਨ।