Monday, December 23, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿਚ ਪੁੱਜੇ ਦਿੱਲੀ ਕਮੇਟੀ ਦੇ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦਿੱਤੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜਣ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।
                   ਇਸੇ ਦੌਰਾਨ ਦਿੱਲੀ ਕਮੇਟੀ ਦੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਅਤੇ ਹੋਰ ਅਹੁੱਦੇਦਾਰਾਂ ਨੇ ਵੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਨਮਾਨਿਤ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਹੋਈ ਜਿੱਤ ਸਿੱਖ ਪੰਥ ਦੀ ਜਿੱਤ ਹੈ।ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਵੱਲੋਂ ਬੀਤੇ ਸਮੇਂ ਵਿਚ ਨਿਭਾਈਆਂ ਮਾਨਵ ਭਲਾਈ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਸਿੱਖੀ ਦੇ ਪ੍ਰਚਾਰ ਅਤੇ ਮਾਨਵਤਾ ਦੀ ਸੇਵਾ ਲਈ ਤੱਤਪਰ ਰਹਿਣ ਦੀ ਆਸ ਪ੍ਰਗਟਾਈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਜਿਤਾ ਕੇ ਦਿੱਲੀ ਦੀ ਸੰਗਤ ਨੇ ਪੰਥ ਵਿਰੋਧੀ ਸ਼ਕਤੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੀ ਸਥਾਪਨਾ ਲਈ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ ਹੈ ।
                   ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਹੋਈ ਹੈ ਅਤੇ ਉਹ ਸੰਗਤ ਦੀ ਸੇਵਾ ਲਈ ਦਿਨ ਰਾਤ ਇੱਕ ਕਰਨਗੇ।ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਦਿੱਲੀ ਕਮੇਟੀ ਦੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦਿੰਦਿਆਂ ਪੰਥ ਦੀ ਚੜ੍ਹਦੀ ਕਲਾ ਲਈ ਤੱਤਪਰ ਰਹਿਣਗੇ।ਉਨ੍ਹਾਂ ਕਿਹਾ ਕਿ ਇਹ ਵਰ੍ਹਾ ਦਿੱਲੀ ਗੁਰਦੁਆਰਾ ਕਮੇਟੀ ਦੇ ਐਕਟ ਦੀ ਕਾਇਮੀ ਦਾ 50ਵਾਂ ਵਰ੍ਹਾ ਹੈ ਅਤੇ ਇਸ ਦੌਰਾਨ ਸਿੱਖੀ ਪ੍ਰਚਾਰ ਲਈ ਯਤਨ ਹੋਰ ਤੇਜ਼ ਕੀਤੇ ਜਾਣਗੇ।
                   ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਇਸਤਰੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਬੀਬੀ ਰਣਜੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਅਮਰਜੀਤ ਸਿੰਘ ਭਲਾਈਪੁਰ, ਜਰਨੈਲ ਸਿੰਘ ਡੋਗਰਾਂਵਾਲਾ, ਹਰਪਾਲ ਸਿੰਘ ਜੱਲ੍ਹਾ, ਗੁਰਪ੍ਰਤਾਪ ਸਿੰਘ ਟਿੱਕਾ ਸ਼ਹਿਰੀ ਪ੍ਰਧਾਨ, ਦਿੱਲੀ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ, ਅਮਰਜੀਤ ਸਿੰਘ, ਜਸਬੀਰ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ, ਰਾਜਿੰਦਰ ਸਿੰਘ, ਜਗਦੀਪ ਸਿੰਘ ਕਾਹਲੋਂ ਚੇਅਰਮੈਨ ਲੀਗਲ ਸੈਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ. ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …