ਜ਼ਿਲ੍ਹੇ ਦੇ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ ਮਿਲਿਆ ਵਧੀ ਹੋਈ ਪੈਨਸ਼ਨ ਦਾ ਲਾਭ
ਨਵਾਂਸ਼ਹਿਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਗ਼ਰੀਬਾਂ ਅਤੇ ਲੋੜਵੰਦਾਂ ਲਈ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਦਾ ਇਕ ਹੋਰ ਵਾਅਦਾ ਪੂਰਾ ਕਰਦਿਆਂ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੁਅਲ ਢੰਗ ਰਾਹੀਂ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ ਕੀਤੀ ਗਈ।ਇਸ ਤਰ੍ਹਾਂ ਹੁਣ ਸੂਬੇ ਦੇ ਕਰੀਬ 27 ਲੱਖ ਲਾਭਪਾਤਰੀਆਂ ਨੂੰ 750 ਰੁਪਏ ਦੀ ਥਾਂ 1500 ਰੁਪਏ ਮਹੀਨਾਵਾਰ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 40 ਥਾਵਾਂ ’ਤੇ ਵਰਚੁਅਲ ਸਮਾਗਮ ਕਰਵਾਏ ਗਏ।ਜਿਸ ਦੌਰਾਨ 11 ਥਾਵਾਂ ’ਤੇ 3400 ਦੇ ਕਰੀਬ ਬਜ਼ੁਰਗ, ਵਿਧਵਾ, ਬੇਸਹਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਚੈਕ ਤਕਸੀਮ ਕੀਤੇ ਗਏ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਹੋਰਨਾਂ ਅਧਿਕਾਰੀਆਂ ਸਮੇਤ ਵਰਚੁਅਲ ਸਮਾਗਮ ਵਿਚ ਸ਼ਿਰਕਤ ਕਰਨ ਤੋਂ ਬਾਅਦ ਜ਼ਿਲ੍ਹੇ ਵਿਚ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਰਸਮੀ ਤੌਰ ’ਤੇ ਸ਼ੁਰੂਆਤ ਕਰਦਿਆਂ ਲਾਭਪਾਤਰੀਆਂ ਨੂੰ ਚੈਕ ਤਕਸੀਮ ਕੀਤੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਲੋੜਵੰਦਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣੇਗੀ
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮਾਜਿਕ ਸੁਰੱਖਿਆ ਅਧੀਨ ਵੱਖ-ਵੱਖ ਪੈਨਸ਼ਨਾਂ ਦੇ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦਾ ਲਾਭ ਮਿਲਿਆ ਹੈ, ਜਿਨ੍ਹਾਂ ਵਿਚੋਂ 3400 ਲਾਭਪਾਤਰੀਆਂ ਨੂੰ ਅੱਜ ਚੈਕਾਂ ਰਾਹੀਂ ਅਤੇ ਬਾਕੀਆਂ ਨੂੰ ਸਿੱਧੇ ਉਨ੍ਹਾਂ ਦੇ ਖਾਤਿਆਂ ਵਿਚ ਰਾਸ਼ੀ ਭੇਜ ਦਿੱਤੀ ਗਈ ਹੈ।
ਇਸ ਮੌਕੇ ਐਸ.ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਡੀ.ਡੀ.ਪੀ.ਓ ਦਵਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਡੀ.ਐਫ.ਐਸ.ਓ ਜਤਿਨ ਵਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media