ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਨਵੇਂ ਬਣੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਆਪਣਾ ਅਹੁੱਦਾ ਸੰਭਾਲਣ ਉਪਰੰਤ ਅੱਜ ਅੰਮ੍ਰਿਤਸਰ ਪੁੱਜੇ ਜਿਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਗਰਮਜੋਸ਼ੀ ਨਾਲ ਮਾਨਯੋਗ ਰਾਜਪਾਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ।
ਮਾਨਯੋਗ ਰਾਜਪਾਲ ਨੇ ਕਿਹਾ ਕਿ ਉਹ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਅਤੇ ਇਲਾਹੀ ਬਾਣੀ ਦਾ ਸਰਵਣ ਕੀਤਾ। ਉਨ੍ਹਾਂ ਕਿਹਾ ਕਿ ਇਥੇ ਆ ਕੇ ਉਨ੍ਹਾਂ ਨੂੰ ਬਹੁਤ ਸਕੂਨ ਪ੍ਰਾਪਤ ਹੋਇਆ ਹੈ ਅਤੇ ਉਨ੍ਹਾਂ ਦੀ ਦਿਲੀ ਇੱਛਾ ਵੀ ਪੂਰੀ ਹੋਈ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਾਂ।ਇਸ ਉਪਰੰਤ ਮਾਨਯੋਗ ਰਾਜਪਾਲ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ।
ਮਾਨਯੋਗ ਰਾਜਪਾਲ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਣ ਲਈ ਪੁੱਜੇ ਜਿਥੇ ਮੰਦਿਰ ਕਮੇਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਦੁਰਗਿਆਨਾ ਮੰਦਿਰ ਦੀ ਫੋਟੋ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਡੀ.ਸੀ.ਪੀ ਪੀ.ਐਸ.ਭੰਡਾਲ, ਐਸ.ਜੀ.ਪੀ.ਸੀ ਮੈਂਬਰ ਭਗਵੰਤ ਸਿੰਘ ਸਿਆਲਕਾ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਸੁਖਦੇਵ ਸਿੰਘ ਭੂਰਾ ਕੋਨਾ, ਮੈਨੇਜ਼ਰ ਗੁਰਿੰਦਰ ਸਿੰਘ, ਜਸਵਿੰਦਰ ਸਿੰਘ ਜੱਸੀ, ਰਾਮ ਸਿੰਘ, ਪ੍ਰਧਾਨ ਦੁਰਗਿਆਨਾ ਮੰਦਰ ਕਮੇਟੀ ਰਮੇਸ਼ ਚੰਦਰ ਸ਼ਰਮਾ, ਸਕੱਤਰ ਰਮੇਸ਼ ਸ਼ਰਮਾ ਵੀ ਹਾਜ਼ਰ ਸਨ।