ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਜਰਾਤ ਤੇ ਰਾਜਿਸਥਾਨ ਦੀਆਂ ਗੁਰਦੁਆਰਾ ਕਮੇਟੀਆਂ ਦੀ ਮੰਗ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਦੇ 250 ਪਾਵਨ ਸਰੂਪ ਵਿਸ਼ੇਸ਼ ਬੱਸ ਰਾਹੀਂ ਅੱਜ ਅਰਦਾਸ ਉਪਰੰਤ ਰਵਾਨਾ ਕੀਤੇ ਗਏ।ਇਨ੍ਹਾਂ ਪਾਵਨ ਸਰੂਪਾਂ ਵਿੱਚੋਂ ਗੁਜਰਾਤ ਸਿੱਖ ਫਾਊਂਡੇਸ਼ਨ ਨੂੰ ਅਹਿਮਦਾਬਾਦ ਅਤੇ ਇਸ ਦੇ ਨਜ਼ਦੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ 100, ਬੜੋਦਾ ਦੇ ਗੁਰਦੁਆਰਿਆਂ ਲਈ 50 ਅਤੇ ਰਾਜਿਸਥਾਨ ਸੂਬੇ ਦੇ ਗੁਰਦੁਆਰਿਆਂ ਲਈ 100 ਪਾਵਨ ਦਿੱਤੇ ਜਾਣਗੇ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿਚ ਮੰਗ ਅਨੁਸਾਰ ਪਾਵਨ ਸਰੂਪ ਭੇਜਣ ਦਾ ਫੈਸਲਾ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਪਾਵਨ ਸਰੂਪਾਂ ਦੀ ਰਵਾਨਗੀ ਮੌਕੇ ਦੱਸਿਆ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚੋਂ ਗੁਰਦੁਆਰਾ ਸਾਹਿਬਾਨ ਦੀ ਮੰਗ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਸਤਿਕਾਰ ਸਹਿਤ ਪਾਵਨ ਸਰੂਪ ਆਪ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਗੁਜਰਾਤ ਸਿੱਖ ਫਾਊਂਡੇਸ਼ਨ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕਰਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ 100 ਪਾਵਨ ਸਰੂਪਾਂ ਦੀ ਮੰਗ ਰੱਖੀ ਸੀ।ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਪਾਸੋਂ ਰਿਪੋਰਟ ਲੈਣ ਮਗਰੋਂ ਪਾਵਨ ਸਰੂਪ ਭੇਜੇ ਗਏ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅਹਿਮਦਾਬਾਦ ਵਿਖੇ ਗੁਜਰਾਤ ਸਿੱਖ ਫਾਊਂਡੇਸ਼ਨ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 4 ਅਤੇ 5 ਸਤੰਬਰ ਨੂੰ ਵੱਖ-ਵੱਖ ਗੁਰਦੁਆਰਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਮਾਗਮ ਰੱਖੇ ਗਏ ਹਨ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੂੰ ਮਰਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਿੱਤੇ ਜਾਣਗੇ। ਇਸੇ ਤਰ੍ਹਾਂ ਹੀ ਰਾਜਿਸਥਾਨ ਵਿਖੇ ਪ੍ਰਚਾਰਕਾਂ ਅਤੇ ਗੁਰਦੁਆਰਾ ਸ਼ਹੀਦ ਨਗਰ ਬੁੱਢਾ ਜੌਹੜ ਸ੍ਰੀ ਗੰਗਾਨਗਰ ਦੀ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਵੱਖ-ਵੱਖ ਗੁਰਦੁਆਰਾ ਸਾਹਿਬਾਨ ਨੂੰ ਸਤਿਕਾਰ ਸਹਿਤ ਪਾਵਨ ਸਰੂਪ ਦਿੱਤੇ ਜਾਣਗੇ।
ਇਸ ਮੌਕੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਦਿਆਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਨਿਰਮਲ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਬਲਦੇਵ ਸਿੰਘ ਖੈਰਾਬਾਦ ਤੇ ਹੋਰ ਮੌਜੂਦ ਸਨ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media