ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਸ਼ਖਸ਼ੀਅਤਾਂ ਨੇ ਭਰੀ ਹਾਜ਼ਰੀ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਜਰਾਤ ਸਿੱਖ ਫਾਊਂਡੇਸ਼ਨ ਵੱਲੋਂ ਸਿੱਖ ਸੰਗਠਨਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅਹਿਮਦਾਬਾਦ (ਗੁਜਰਾਤ) ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਓਡਵ, ਗੁਰਦੁਆਰਾ ਗੁਰੂ ਨਾਨਕ ਦਰਬਾਰ ਮਨੀਨਗਰ ਤੇ ਗੁਰਦੁਆਰਾ ਗੋਬਿੰਦ ਧਾਮ, ਥਲਤੇਜ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਮਾਗਮ ਆਯੋਜਿਤ ਕੀਤੇ ਗਏ।ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ ਮੈਂਬਰ ਭਾਈ ਰਾਮ ਸਿੰਘ ਸਮੇਤ ਅਹਿਮ ਸ਼ਖਸੀਅਤਾਂ ਨੇ ਵਿਸ਼ੇਸ ਤੌਰ ਤੇ ਪਹੁੰਚ ਕੇ ਹਾਜ਼ਰੀ ਭਰੀ।
ਸਮਾਗਮ ਦੌਰਾਨ ਸੰਗਤਾਂ ਨਾਲ ਗੁਰਮਤਿ ਵੀਚਾਰਾਂ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛੱਕਣ ਦਾ ਉਪਦੇਸ਼ ਦਿੱਤਾ ਹੈ।ਗੁਰੂ ਸਾਹਿਬਾਨ ਵੱਲੋਂ ਬਖਸ਼ੇ ਇਹ ਉਪਦੇਸ਼ ਹੀ ਸਾਨੂੰ ਮਾਨਵਤਾ ਦੀ ਸੇਵਾ ਲਈ ਪ੍ਰੇਰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ ਜੋ ਹਰ ਥਾਂ ਤੇ ਵੱਸਦੇ ਸਿੱਖਾਂ ਦੀ ਅਵਾਜ਼ ਬਣਦੀ ਹੈ। ਉਨ੍ਹਾਂ ਦੱਸਿਆ ਕਿ ਗੁਜਰਾਤ ਦੀਆਂ ਸੰਗਤਾਂ ਦੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਕ ਵਿਸ਼ੇਸ ਬੱਸ ਰਾਹੀਂ ਇਥੇ ਭੇਜੇ ਗਏ ਸਨ ਜਿਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਵਿਚ ਸਸ਼ੋਭਿਤ ਕਰਨ ਲਈ ਇਹ ਵਿਸ਼ੇਸ ਸਮਾਗਮ ਰੱਖੇ ਗਏ ਹਨ।ਉਨ੍ਹਾਂ ਕਿਹਾ ਕਿ ਗੁਜਰਾਤ ਦੀਆਂ ਸੰਗਤਾਂ ਦਾ ਗੁਰੂ ਪ੍ਰਤੀ ਉਤਸ਼ਾਹ ਵੇਖ ਕੇ ਮਨ ਨੂੰ ਬਹੁਤ ਖੁਸ਼ੀ ਹੋਈ ਹੈ। ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਅਤੇ ਵਿਰਸੇ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ।ਇਸੇ ਦੌਰਾਨ ਸੰਗਤਾਂ ਦੀ ਮੰਗ ਅਨੁਸਾਰ ਬੀਬੀ ਜਗੀਰ ਕੌਰ ਨੇ ਗੁਜਰਾਤ ਦੇ ਜ਼ਿਲ੍ਹਾ ਕੱਛ ’ਚ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾ ਦੀ ਛੋਅ ਪ੍ਰਾਪਤ ਪਾਵਨ ਇਤਿਹਾਸਕ ਗੁਰਦੁਆਰਾ ਲੱਖਪਤ ਰਾਏ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ 21 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।
ਇਸੇ ਦੌਰਾਨ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਵੀ ਸੰਗਤਾਂ ਨਾਲ ਵੀਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।ਗੁਜਰਾਤ ਸਿੱਖ ਫਾਊਂਡੇਸ਼ਨ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਛਾਬੜਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।ਸਮਾਗਮ ਦੌਰਾਨ ਗੁਜਰਾਤ ਦੇ ਵੱਖ-ਵੱਖ ਸਿੱਖ ਸੰਗਠਨਾਂ ਅਤੇ ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਰਾਮ ਸਿੰਘ ਤੇ ਨਾਲ ਆਈ ਸਮੁੱਚੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਓ.ਐਸ.ਡੀ ਡਾ. ਸੁਖਬੀਰ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਜਰਾਤ ਸਿੱਖ ਫਾਊਂਡੇਸ਼ਨ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਛਾਬੜਾ, ਬੀਬੀ ਮਨਦੀਪ ਕੌਰ, ਬੀਬੀ ਕਿਰਨਦੀਪ ਕੌਰ, ਸਿੱਖ ਮਿਸ਼ਨ ਗੁਜਰਾਤ ਦੇ ਇੰਚਾਰਜ਼ ਭਾਈ ਪਰਮਜੀਤ ਸਿੰਘ, ਪ੍ਰਚਾਰਕ ਭਾਈ ਸ਼ਿਵਤਾਰ ਸਿੰਘ, ਸੁਖਦੇਵ ਸਿੰਘ ਤੁੜ ਪ੍ਰਧਾਨ, ਰਜਿੰਦਰ ਸਿੰਘ ਜੰਡਵਾਲ, ਲਖਵਿੰਦਰ ਸਿੰਘ, ਰਜਿੰਦਰ ਸਿੰਘ ਕਾਹਲੋਂ, ਜੋਗਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।