ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਗੁਰਦੁਆਰਾ ਸ੍ਰੀ
ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਵੀ ਭਲਕੇ 7 ਸਤੰਬਰ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਸੱਜੇਗਾ।ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ।ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਜਾਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ।ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।ਜ਼ਿਕਰਯੋਗ ਹੈ ਕਿ ਇਸ ਪਾਵਨ ਦਿਹਾੜੇ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਖੂਬਸੂਰਤ ਸਜ਼ਾਵਟ ਕੀਤੀ ਗਈ ਹੈ।
ਇਸੇ ਦੌਰਾਨ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦੀਆਂ ਮੁੱਲਵਾਨ ਸਿੱਖਿਆਵਾਂ ਮਨੁੱਖੀ ਜੀਵਨ ਨੂੰ ਸੇਧ ਦੇਣ ਵਾਲੀਆਂ ਹਨ।ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਵਿੱਚੋਂ ਮਨੁੱਖ ਨੂੰ ਧਾਰਮਿਕ, ਸਮਾਜਿਕ, ਰਾਜਨੀਤਕ, ਵਿਗਿਆਨਕ ਤੇ ਬ੍ਰਹਿਮੰਡੀ ਭਾਵ ਹਰ ਤਰ੍ਹਾਂ ਦੀ ਅਗਵਾਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਸੁਖਦ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਰਾਹ ਦਿਖਾਉਂਦੀ ਹੈ।ਉਨਾਂ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media