100 ਪ੍ਰਚਾਰਕ ਜਥੇ ਰਹਿਣਗੇ ਕਾਰਜਸ਼ੀਲ, ਹਰ ਪਿੰਡ ‘ਚ 7 ਦਿਨ ਹੋਵੇਗਾ ਧਰਮ ਪ੍ਰਚਾਰ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਰਮ ਪ੍ਰਚਾਰ ਲਹਿਰ ਤਹਿਤ ਪੰਜਾਬ ਦੇ
ਸਾਰੇ ਪਿੰਡਾਂ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ।ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਵੱਖ-ਵੱਖ ਹਲਕਿਆਂ ਲਈ ਪ੍ਰਚਾਰ ਵਹੀਰਾਂ ਨੂੰ ਰਵਾਨਾ ਕੀਤਾ, ਜੋ ਇਕ ਪਿੰਡ ਵਿਚ ਇਕ ਹਫ਼ਤਾ ਸਿੱਖੀ ਦਾ ਪ੍ਰਚਾਰ ਕਰਨਗੀਆਂ ਅਤੇ ਇਹ ਲੜੀ ਲਗਾਤਾਰ ਜਾਰੀ ਰਹੇਗੀ।ਪ੍ਰਚਾਰ ਵਹੀਰਾਂ ਰਵਾਨਾ ਕਰਨ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਤੋਂ ਪਹਿਲਾਂ ਕੋਰੋਨਾ ਕਾਰਨ ਪਿੰਡਾਂ ਅੰਦਰ ਸਮਾਗਮ ਨਹੀਂ ਕੀਤੇ ਜਾ ਸਕੇ ਸਨ, ਜਿਨ੍ਹਾਂ ਨੂੰ ਹੁਣ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਧਰਮ ਪ੍ਰਚਾਰ ਲਹਿਰ ‘ਘਰਿ ਘਰਿ ਅੰਦਰਿ ਧਰਮਸਾਲ’ ਦੇ ਬੈਨਰ ਹੇਠ ਚਲਾਈ ਗਈ ਹੈ ਅਤੇ ਇਕੋ ਸਮੇਂ ’ਤੇ 100 ਪ੍ਰਚਾਰਕ ਜਥੇ ਪਿੰਡਾਂ ਵਿਚ ਧਰਮ ਪ੍ਰਚਾਰ ਕਰਨਗੇ।ਇਕ ਪਿੰਡ ਵਿਚ 7 ਦਿਨ ਪ੍ਰਚਾਰ ਵਹੀਰ ਕੰਮ ਕਰੇਗੀ ਅਤੇ ਉਸ ਮਗਰੋਂ ਇਸੇ ਤਰ੍ਹਾਂ ਅਗਲੇ ਪਿੰਡਾਂ ਲਈ ਰਵਾਨਾ ਹੋਵੇਗੀ।ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਧਰਮ ਪ੍ਰਚਾਰ ਦੇ ਤਿੰਨ ਜੋਨਾਂ ਮਾਝਾ, ਮਾਲਵਾਂ ਅਤੇ ਦੁਆਬਾ ਦੀ ਦੇਖ ਰੇਖ ਹੇਠ ਇਹ ਪ੍ਰਚਾਰ ਵਹੀਰਾਂ ਕਾਰਜਸ਼ੀਲ ਰਹਿਣਗੀਆਂ।ਪ੍ਰਚਾਰ ਦੌਰੇ ਦੌਰਾਨ ਪ੍ਰਚਾਰਕ ਜਥੇ ਜਿਥੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਅੰਦਰ ਗੁਰਬਾਣੀ ਨਾਲ ਸੰਗਤ ਨੂੰ ਜੋੜਨਗੇ, ਉਥੇ ਹੀ ਸਿੱਖ ਰਹਿਤ ਮਰਯਾਦਾ, ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।ਹਰ ਨਗਰ ਵਿਚ 7 ਦਿਨ ਸਵੇਰੇ ਸ਼ਾਮ ਕਥਾ ਵਿਚਾਰਾਂ ਦਾ ਵੀ ਪ੍ਰਵਾਹ ਚਲਾਇਆ ਜਾਵੇਗਾ ਅਤੇ ਗ੍ਰੰਥੀ ਸਿੰਘਾਂ ਨੂੰ ਨਾਲ ਲੈ ਕੇ ਪ੍ਰਚਾਰਕ ਘਰ-ਘਰ ਅੰਦਰ ਵੀ ਪ੍ਰਚਾਰ ਕਰਨ ਲਈ ਜਾਣਗੇ।ਧਾਰਮਿਕ ਸਹਿਤ ਵੀ ਸੰਗਤ ਵਿਚ ਵੰਡਿਆ ਜਾਂਦਾ ਰਹੇਗਾ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਧਰਮ ਪ੍ਰਚਾਰ ਲਹਿਰ ਦੌਰਾਨ ਜਿਹੜੇ ਪਿੰਡਾਂ ਦੇ ਗ੍ਰੰਥੀ ਸਿੰਘ ਸੰਗਤਾਂ ਨੂੰ ਗੁਰਬਾਣੀ ਸੰਥਿਆ ਦੀ ਸੇਵਾ ਨਿਭਾਉਣਗੇ, ਉਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਨਿਯਮਾਂ ਅਨੁਸਾਰ 2 ਹਜ਼ਾਰ ਰੁਪਏ ਸੇਵਾ ਫਲ ਵਜੋਂ ਦਿੱਤੇ ਜਾਣਗੇ ਅਤੇ ਘਰ ਘਰ ਵਿਚ ਪ੍ਰਚਾਰ ਲਈ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ 1 ਹਜ਼ਾਰ ਰੁਪਏ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਇਹ ਪ੍ਰਚਾਰ ਵਹੀਰ ਪੰਜਾਬ ਦੇ ਹਰ ਪਿੰਡ ਤੱਕ ਪਹੁੰਚ ਕਰਕੇ ਸੰਗਤ ਨੂੰ ਗੁਰਸਿੱਖੀ ਨਾਲ ਜੋੜੇਗੀ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਦੌਰਾਨ ਖਾਸ ਤੌਰ ’ਤੇ ਅੰਮ੍ਰਿਤ ਛਕਣ ਦੀ ਪ੍ਰੇਰਣਾ ਕੀਤੀ ਜਾਵੇਗੀ ਅਤੇ ਵੱਖ-ਵੱਖ ਗੁਰਮਤਿ ਸਮਾਗਮ ਕਰਵਾ ਕੇ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਧਰਮ ਪ੍ਰਚਾਰ ਲਹਿਰ ਦੌਰਾਨ ਸਹਿਯੋਗ ਕੀਤਾ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਚੂੰਘਾਂ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਅਜਾਇਬ ਸਿੰਘ ਅਭਿਆਸੀ, ਜਰਨੈਲ ਸਿੰਘ ਡੋਗਰਾਂਵਾਲਾ, ਅਵਤਾਰ ਸਿੰਘ ਵਣਵਾਲਾ, ਸੁਖਵਰਸ਼ ਸਿੰਘ ਪੰਨੂੰ, ਤੇਜਿੰਦਰਪਾਲ ਸਿੰਘ ਲਾਡਵਾ, ਰਾਮਪਾਲ ਸਿੰਘ ਬਹਿਣੀਵਾਲ, ਮਨਜੀਤ ਸਿੰਘ ਬੱਪੀਆਣਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ, ਤੇਜਿੰਦਰ ਸਿੰਘ ਪੱਡਾ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ ਆਦਿ ਮੌਜ਼ੂਦ ਸਨ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media