ਨਵਾਂਸ਼ਹਿਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ
ਪੀ.ਸੀ.ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪੀ.ਸੀ.ਪੀ.ਐਨ.ਡੀ.ਟੀ ਨੂੰ ਸਖਤ ਨਾਲ ਲਾਗੂ ਕਰਨ ‘ਤੇ ਵਿਚਾਰ-ਚਰਚਾ ਕੀਤੀ ਗਈ।ਇਸ ਤੋਂ ਪਹਿਲਾਂ ਪੀ.ਐਨ.ਡੀ.ਟੀ ਕੋਆਰਡੀਨੇਟਰ ਡਾ. ਸੁਖਮਨੀ ਕੌਰ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਪੀ.ਸੀ.ਪੀ.ਐਨ.ਡੀ.ਟੀ ਅਧੀਨ ਇਕ ਮਾਹਰ ਡਾਕਟਰ ਨੂੰ ਰਜਿਸਟਰ ਕਰਨ ਸਮੇਤ ਮੀਟਿੰਗ ਦੇ ਏਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹਾ ਸਹਾਲਕਾਰ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਅੰਦਰ ਲਿੰਗ ਅਨੁਪਾਤ ਦੇ ਪਾੜੇ ਨੂੰ ਘੱਟ ਕਰਨ ਲਈ ਸਮਾਜ ਅੰਦਰ ਜਾਗਰੂਕਤਾ ਪੈਦਾ ਕਰਨ ਲਈ ਸਹਿਯੋਗ ਦਿੱਤਾ ਜਾਵੇ।ਉਨ੍ਹਾਂ ਦੱਸਿਆ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ ਅਤੇ ਜ਼ਿਲ੍ਹੇ ਵਿਚ ਨਿਰੰਤਰ ਅਲਟਰਾਸਾਊਂਡ ਸੈਂਟਰਾਂ ਦੀ ਚੈਕਿੰਗ ਜਾਰੀ ਹੈ।
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਦੱਸਿਆ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਲਿੰਗ ਨਿਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ ਐਂਡ ਪੀ.ਐਨ.ਡੀ.ਟੀ ਐਕਟ ਦਰਜ਼ ਹੋਣ `ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ, ਪਰ ਅਜੇ ਹੋਰ ਵੀ ਸਖਤੀ ਦੀ ਲੋੜ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ, ਗਾਈਨੀਕੋਲੋਜਿਸਟ ਡਾ. ਮੋਨਿਕਾ ਜੈਨ, ਬਾਲ ਰੋਗਾਂ ਦੇ ਮਾਹਰ ਡਾ. ਹਰਪਿੰਦਰ ਸਿੰਘ, ਸਹਾਇਕ ਜ਼ਿਲ੍ਹਾ ਅਟਾਰਨੀ ਭਾਰਤ ਭੂਸ਼ਣ, ਐੱਨ.ਜੀ.ਓ ਮੈਂਬਰ ਕੁਲਵੰਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media