ਸ਼੍ਰੋਮਣੀ ਕਮੇਟੀ ਅਹੁੱਦੇਦਾਰਾਂ ਤੇ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸਿੱਖ ਧਰਮ ਦੀ ਆਸਥਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ ਹਰਿਆਣਾ ਦੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ ਵਿਅੱਕਤ ਕਰਦਿਆਂ ਕਿਹਾ ਕਿ ਅੱਜ ਦੀ ਅੰਮ੍ਰਿਤਸਰ ਫੇਰੀ ਮੇਰੇ ਜੀਵਨ ਦੀ ਸਦੀਵੀ ਯਾਦ ਹੈ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੈ, ਜਿਥੋਂ ਸਿੱਖ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ। ਇਥੋਂ ਦਾ ਪਵਿੱਤਰ ਵਾਤਾਵਰਨ ਮਨੁੱਖਤਾ ਨੂੰ ਰੂਹਾਨੀਅਤ ਤੇ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ।ਉਨ੍ਹਾਂ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਰੱਖਿਆ ਲਈ ਵੱਡਾ ਯੋਗਦਾਨ ਪਾਇਆ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਮੈਂ ਇਥੋਂ ਨਵੀਂ ਊਰਜਾ ਲੈ ਕੇ ਜਾ ਰਿਹਾ ਹਾਂ ਅਤੇ ਪਰਮਾਤਮਾ ਅਗੇ ਅਰਦਾਸ ਕਰਦਾ ਹਾਂ ਕਿ ਦੇਸ਼ ਦੁਨੀਆ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾ ਕੇ ਤਰੱਕੀ ਬਖਸ਼ਣ।
ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸੂਚਨਾ ਕੇਂਦਰ ਵਿਖੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਮ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਤੇ ਮਲਕੀਤ ਸਿੰਘ ਬਹਿੜਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।ਉਨਾਂ ਨਾਲ ਆਏ ਪਰਿਵਾਰਕ ਮੈਂਬਰ ਤੇ ਅਧਿਕਾਰੀਆਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਅ ਗਿਆ।
ਇਸ ਮੌਕੇ ਰਾਜਪਾਲ ਦੇ ਨਾਲ ਆਏ ਅਧਿਕਾਰੀਆਂ ਤੋਂ ਇਲਾਵਾ ਤਹਿਸੀਲਦਾਰ ਲਖਵਿੰਦਰਪਾਲ ਸਿੰਘ, ਪੁਲਿਸ ਅਧਿਕਾਰੀ ਪ੍ਰਮਿੰਦਰ ਸਿੰਘ ਭੰਡਾਲ, ਹਰਪਾਲ ਸਿੰਘ ਰੰਧਾਵਾ, ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ, ਅੰਮ੍ਰਿਤਪਾਲ ਸਿੰਘ, ਸਰਤਾਜ ਸਿੰਘ, ਰਣਧੀਰ ਸਿੰਘ ਤੇ ਜਤਿੰਦਰਪਾਲ ਸਿੰਘ ਆਦਿ ਮੌਜ਼ੂਦ ਸਨ।