‘ਆਈ-ਖੇਤ’ ਐਪ ’ਤੇ ਮਸ਼ੀਨਰੀ ਦੀ ਉਪਲਬੱਧਤਾ ਚੈਕ ਕਰ ਸਕਦੇ ਹਨ ਕਿਸਾਨ
ਨਵਾਂਸ਼ਹਿਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਕ ਬਹੁਪੱਖੀ ਰਣਨੀਤੀ ਤਿਆਰ ਕੀਤੀ
ਗਈ ਹੈ।ਜਿਸ ਤਹਿਤ ਜ਼ਿਲ੍ਹੇ ਵਿੱਚ ਪਿੰਡ ਪੱਧਰ ’ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।ਉਨਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਮਨੁੱਖੀ ਜ਼ਿੰਦਗੀ, ਵਾਤਾਵਰਨ ਅਤੇ ਜ਼ਮੀਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ।ਇਸ ਦੇ ਨਾਲ ਹੀ ਮੀਡੀਆ ਅਤੇ ਸੰਚਾਰ ਦੇ ਵੱਖ-ਵੱਖ ਸਾਧਨਾਂ ਤੋਂ ਇਲਾਵਾ ਫਲੈਕਸ ਤੇ ਬੈਨਰ ਲਗਾਏ ਜਾਣਗੇ ਅਤੇ ਹੋਰ ਪ੍ਰਚਾਰ ਸਮੱਗਰੀ ਵਮਡੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ‘ਆਈ-ਖੇਤ’ ਮੋਬਾਈਲ ਐਪ ਨੂੰ ਇਨਕਲਾਬੀ ਕਦਮ ਕਰਾਰ ਦਿੰਦਿਆਂ ਦੱਸਿਆ ਕਿ ਇਸ ਐਪ ਰਾਹੀਂ ਕਿਸਾਨ ਬਲਾਕ ਪੱਧਰ ’ਤੇ ਮਸ਼ੀਨਰੀ ਦੀ ਉਪਲਬੱਧਤਾ ਚੈਕ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਵਿੱਚ ਸੁਪਰ ਸੀਡਰ, ਮਲਚਰ, ਆਰ. ਐਮ.ਬੀ ਪਲੋਅ, ਹੈਪੀ ਸੀਡਰ, ਸੁਪਰ ਐਸ.ਐਮ.ਐਸ ਅਤੇ ਹੋਰ ਮਸ਼ੀਨਾਂ ਸ਼ਾਮਲ ਹਨ।
ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ੍ਹ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਘਟਨਾਵਾਂ ’ਤੇ ਸਖ਼ਤ ਨਜ਼ਰ ਰੱਖਣ ਲਈ ਇਕ ਵਿਆਪਕ ਯੋਜਨਾ ਪਹਿਲਾਂ ਤੋਂ ਹੀ ਤਿਆਰ ਕੀਤੀ ਜਾ ਚੁੱਕੀ ਹੈ।ਇਸ ਤੋਂ ਇਲਾਵਾ ਰਿਮੋਟ ਸੈਂਸਿੰਗ ਸੈਟੇਲਾਈਟ ਰਾਹੀਂ ਸਖ਼ਤ ਚੌਕਸੀ ਵੀ ਰੱਖੀ ਜਾ ਰਹੀ ਹੈ ਤਾਂ ਜੋ ਅਜਿਹਾ ਕਰਨ ਵਾਲਾ ਕੋਈ ਵੀ ਵਿਅਕਤੀ ਕਾਰਵਾਈ ਤੋਂ ਬਚ ਨਾ ਸਕੇ।ਸਮੁੱਚੀਆਂ ਕੰਬਾਈਨਾਂ ’ਤੇ ਸੁਪਰ ਐਸ.ਐਮ.ਐਸ ਲੱਗਿਆ ਹੋਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੇ ਹਰੇਕ ਮਾਮਲੇ ਵਿਚ ਫਿਜ਼ੀਕਲ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਕੋਲ ਲੋੜ ਵੇਲੇ ਪਰਾਲੀ ਦੀ ਸਾਂਭ-ਸੰਭਾਲ ਵਾਲੇ ਸੰਦ ਪਹੁੰਚਾਏ ਜਾਣੇ ਯਕੀਨੀ ਬਣਾਏ ਜਾਣ।ਕਿਸਾਨਾਂ ਨੂੰ ਸੁਪਰ ਸੀਡਰ ਨਾਲ ਕਣਕ ਦੀ ਬਿਜ਼ਾਈ ਲਈ ਪ੍ਰੇਰਿਤ ਕੀਤਾ ਜਾਵੇ, ਕਿਉਂਕਿ ਇਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਕਿਸਾਨਾਂ ਦਾ ਖ਼ਰਚਾ ਵੀ ਘੱਟ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਤੇ ਪਾਣੀ ਦੀ ਬੱਚਤ ਤੋਂ ਇਲਾਵਾ ਖਾਦਾਂ ’ਤੇ ਆਉਣ ਵਾਲਾ ਖ਼ਰਚਾ ਵੀ ਬਚਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਕੁਮਾਰ, ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਏ.ਆਰ ਗੁਰਵਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media