Sunday, June 15, 2025
Breaking News

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਦਾ ਨਾਰਕੋ ਟੈਸਟ ਤੇ ਬਰੇਨ ਮੈਪਿੰਗ ਹੋਵੇ- ਬੀਬੀ ਜਗੀਰ ਕੌਰ

ਕਿਹਾ, ਘਟਨਾ ਦੇ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਲਿਆਉਣ ‘ਚ ਪ੍ਰਸ਼ਾਸਨ ਲਾਪ੍ਰਵਾਹ

ਅੰਮ੍ਰਿਤਸਰ, 18 ਸਤੰਬਰ- ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁੱਖਦਾਈ ਘਟਨਾ ਦੇ ਸਾਜ਼ਿਸ਼ ਕਰਤਾਵਾਂ ਤੱਕ ਪਹੁੰਚਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਦੀ ਮਨਸ਼ਾ ਸਾਫ਼ ਨਹੀਂ ਲਗਦੀ, ਤਾਂ ਹੀ ਫੜ੍ਹੇ ਗਏ ਦੋਸ਼ੀ ਵਿਅਕਤੀ ਦੇ ਸੌਦਾ ਸਾਧ ਨਾਲ ਸਬੰਧ ਉਜਾਗਰ ਹੋਣ ਦੇ ਬਾਵਜੂਦ ਵੀ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ।ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਜੜ੍ਹ ਤੱਕ ਜਾਣ ਲਈ ਫ੍ਹੜੇ ਗਏ ਦੋਸ਼ੀ ਪਰਮਜੀਤ ਸਿੰਘ ਦਾ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਕਰਵਾਈ ਜਾਵੇ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਵੇਂ ਸਾਡੀ ਮੰਗ ’ਤੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਵਿਰੁੱਧ ਲੱਗੀਆਂ ਧਰਾਵਾਂ ਵਿਚ ਵਾਧਾ ਕਰਦਿਆਂ ਯੂ.ਏ.ਪੀ.ਏ ਧਾਰਾ ਲਗਾ ਦਿੱਤੀ ਗਈ ਹੈ, ਪਰੰਤੂ ਅਜੇ ਵੀ ਘਟਨਾ ਦੇ ਅਸਲ ਸਾਜ਼ਿਸ਼ ਕਰਤਾਵਾਂ ਦਾ ਪਤਾ ਨਹੀਂ ਲਗਾਇਆ ਜਾ ਰਿਹਾ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ ਨੂੰ ਪੱਤਰ ਵੀ ਲਿਖਿਆ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮਾਮਲੇ ਵਿਚ ਹੁਣ ਤੱਕ ਦੀ ਪੁਲਿਸ ਕਾਰਵਾਈ ’ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਕਈ ਦਿਨ ਬੀਤਣ ਬਾਅਦ ਵੀ ਘਟਨਾ ਪਿੱਛੇ ਦੀ ਸਾਜ਼ਿਸ਼ ਬਾਰੇ ਕੋਈ ਠੋਸ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ।ਜਦਕਿ ਚਾਹੀਦਾ ਤਾਂ ਇਹ ਸੀ ਕਿ ਹੁਣ ਤੱਕ ਸਾਰੇ ਦੋਸ਼ੀ ਸ਼ਲਾਖਾਂ ਪਿੱਛੇ ਹੁੰਦੇ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਅਤੇ ਸਰਕਾਰੀ ਤੰਤਰ ਸੁੱਤਾ ਹੋਇਆ ਹੈ।ਬੀਬੀ ਜਗੀਰ ਕੌਰ ਨੇ ਸਰਕਾਰ ਦੇ ਖੁਫੀਆਂ ਤੰਤਰ ’ਤੇ ਵੀ ਸਵਾਲ ਚੁੱਕੇ।ਉਨ੍ਹਾਂ ਕਿਹਾ ਕਿ ਏਜੰਸੀਆਂ ਦਾ ਵੱਡਾ ਤੰਤਰ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਘਟਨਾਵਾਂ ਸ਼ਰੇਆਮ ਵਾਪਰ ਰਹੀਆਂ ਹਨ ਅਤੇ ਫੜ੍ਹੇ ਗਏ ਦੋਸ਼ੀਆਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਤੱਕ ਪਹੁੰਚ ਨਹੀਂ ਕੀਤੀ ਜਾਂਦੀ।
                       ਬੀਬੀ ਜਗੀਰ ਕੌਰ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਜੇਕਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਦੋਸ਼ੀ ਪਿੱਛੇ ਕੰਮ ਕਰਦੇ ਲੋਕਾਂ ਨੂੰ ਸਾਹਮਣੇ ਲਿਆ ਕੇ ਬਣਦੀ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਕਮੇਟੀ ਨੂੰ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਬੀਬੀ ਜਗੀਰ ਕੌਰ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਬਣਾ ਕੇ ਰੱਖਦਿਆਂ ਸਾਰੇ ਰਲ ਕੇ ਸਰਕਾਰ ’ਤੇ ਦਬਾਅ ਬਨਾਉਣ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
                      ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਹਰਭਜਨ ਸਿੰਘ ਵਕਤਾ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …