Sunday, April 19, 2026

ਮੁੱਖ ਮੰਤਰੀ ਵਲੋਂ ਸਮੇਂ ਸਿਰ ਪ੍ਰਧਾਨ ਮੰਤਰੀ ਕੋਲ ਮੁੱਦਾ ਉਠਾਉਣ ਨਾਲ ਸ਼ੁਰੂ ਹੋਈ ਸਰਕਾਰੀ ਖਰੀਦ – ਰਾਣਾ

ਕਪੂਰਥਲਾ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਪੂਰਥਲਾ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।
               ਅੱਜ ਇਥੇ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕਿਸਾਨਾਂ, ਆੜਤੀਆਂ ਨਾਲ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਸਬੰਧੀ ਪ੍ਰਧਾਨ ਮੰਤਰੀ ਕੋਲ ਮੁੱਦਾ ਪੂਰੇ ਜ਼ੋਰ ਨਾਲ ਉਠਾਉਣ ਕਰਕੇ ਹੀ ਸਰਕਾਰੀ ਖਰੀਦ ਦੁਬਾਰਾ ਮਿਥੇ ਸਮੇਂ ਤੋਂ ਸ਼ੁਰੂ ਹੋਈ ਹੈ ਜਿਸ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਧੰਨਵਾਦੀ ਹਨ।ਉਨਾਂ ਮੰਡੀ ਵਿੱਚ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਇਜ਼ਾ ਵੀ ਲਿਆ ਅਤੇ ਮਾਰਕਿਟ ਕਮੇਟੀ ਦੇ ਦਫਤਰ ਵਿਖੇ ਅਧਿਕਾਰੀਆਂ,ਸ਼ੈਲਰ ਮਾਲਕਾਂ ਅਤੇ ਆੜਤੀਆਂ ਨਾਲ ਮੀਟਿੰਗ ਵੀ ਕੀਤੀ।
             ਉਨਾਂ ਖੁਰਾਕ ਸਪਲਾਈ ਵਿਭਾਗ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਖਰੀਦੀ ਫਸਲ ਬਦਲੇ 48 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਉਣ।
               ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ 8 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦੀ ਸੰਭਾਵਨਾ ਹੈ।ਜਿਸ ਲਈ ਲੋੜੀਂਦੇ ਬਾਰਦਾਨੇ ਦਾ 70 ਫੀਸਦੀ ਤੋਂ ਜ਼ਿਆਦਾ ਬਾਰਦਾਨਾ ਪਹਿਲਾਂ ਹੀ ਮੌਜ਼ੂਦ ਹੈ। ਜ਼ਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ ਨੇ ਦੱਸਿਆ ਕਿ 42 ਸਥਾਈ ਮੰਡੀਆਂ ਤੋਂ ਇਲਾਵਾ 21 ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆਂ ਗਈਆ ਹਨ।
                ਪੂਰੇ ਜ਼ਿਲ੍ਹੇ ਵਿੱਚ ਖਰੀਦ ਏਜੰਸੀਆਂ ਦਾ ਕੋਟਾ ਵੀ ਨਿਰਧਾਰਿਤ ਕਰ ਦਿੱਤਾ ਗਿਆ ਹੈ।ਜਿਸ ਤਹਿਤ ਸਭ ਤੋਂ ਜ਼ਿਆਦਾ ਪਨਗਰੇਨ ਵਲੋਂ 34 ਫੀਸਦੀ, ਮਾਰਫੈਡ ਵਲੋਂ 26 ਫੀਸਦੀ, ਪਨਸਪ ਵਲੋਂ 22 ਫੀਸਦੀ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰਸ਼ਨ ਵਲੋਂ 13 ਫੀਸਦੀ ਅਤੇ ਐਫ.ਸੀ.ਆਈ ਵਲੋਂ 5 ਫੀਸਦੀ ਝੋਨੇ ਦੀ ਖਰੀਦ ਕੀਤੀ ਜਾਵੇਗੀ।
                     ਇਸ ਮੌਕੇ ਮਾਰਕਿਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਅਵਤਾਰ ਸਿੰਘ, ਵਾਈਸ ਚੇਅਰਮੈਨ ਰਜਿੰਦਰ ਕੌੜਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ, ਨਗਰ ਸੁਥਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਵਿਸ਼ਾਲ ਸੋਨੀ, ਕੌਸਲਰ ਨਰਿੰਦਰ ਮੰਨਸੂ, ਬਲਕਾ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹੇ ਮੈਨੇਜ਼ਰ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …