ਅਜਿਹਾ ਲੱਗ ਰਿਹੈ ਜਿਵੇਂ ਪਰਿਵਾਰ ਤੋਂ ਵਿਦਾਇਗੀ ਲੈ ਰਹੀ ਹੋਵਾਂ
ਨਵਾਂਸ਼ਹਿਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਅੱਜ ਨਵੇਂ ਡਿਪਟੀ ਕਮਿਸ਼ਨਰ ਵਿਸ਼ੇਸ਼
ਸਾਰੰਗਲ ਨੂੰ ਜੀਅ ਆਇਆਂ ਕਹਿਣ ਅਤੇ ਪਹਿਲੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਵਿਦਾਇਗੀ ਦੇਣ ਲਈ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਡਾ. ਸ਼ੇਨਾ ਅਗਰਵਾਲ ਵੱਲੋਂ ਡਿਪਟੀ ਕਮਿਸ਼ਨਰ ਦੇ ਤੌਰ ’ਤੇ ਨਿਭਾਈਆਂ ਗਈਆਂ ਬਿਹਤਰੀਨ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਡਾ. ਸ਼ੇਨਾ ਅਗਰਵਾਲ ਕੋਲੋਂ ਬਹੁਤ ਕੁੱਝ ਸਿੱਖਿਆ ਹੈ ਅਤੇ ਉਹ ਕੋਸ਼ਿਸ਼ ਕਰਨਗੇ ਕਿ ਉਨ੍ਹਾਂ ਦੀ ਤਰ੍ਹਾਂ ਹੀ ਉਹ ਜ਼ਿਲ੍ਹਾ ਵਾਸੀਆਂ ਦੀ ਸੇਵਾ ਕਰ ਸਕਣ।ਉਨ੍ਹਾਂ ਡਾ. ਸ਼ੇਨਾ ਅਗਰਵਾਲ ਵੱਲੋਂ ਖਾਸ ਕਰਕੇ ਕੋਵਿਡ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿਸ ਸਦਕਾ ਜ਼ਿਲ੍ਹੇ ਸਮੇਤ ਪੂਰੇ ਸੂਬੇ ਨੂੰ ਸੇਧ ਮਿਲੀ।
ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਸਹਿਯੋਗ ਨੂੰ ਉਹ ਹਮੇਸ਼ਾ ਯਾਦ ਰੱਖਣਗੇ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਲੱਗ ਰਿਹਾ ਹੈ, ਜਿਵੇਂ ਉਹ ਆਪਣੇ ਪਰਿਵਾਰ ਤੋਂ ਵਿਦਾਇਗੀ ਲੈ ਰਹੇ ਹਨ।ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਬਿਹਤਰੀਨ ਟੀਮ ਦੀ ਤਰ੍ਹਾਂ ਕੰਮ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਡਿਪਟੀ ਕਮਿਸ਼ਨਰ ਨੂੰ ਵੀ ਉਹ ਇਸੇ ਤਰ੍ਹਾਂ ਸਹਿਯੋਗ ਦੇਣਗੇ।ਉਚ ਅਧਿਕਾਰੀਆਂ ਵੱਲੋਂ ਡਾ. ਸ਼ੇਨਾ ਅਗਰਵਾਲ ਨਾਲ ਆਪਣੇ ਕੰਮ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ ਬੰਗਾ ਵਿਰਾਜ਼ ਤਿੜਕੇ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ, ਜ਼ਿਲ੍ਹਾ ਮਾਲ ਅਫ਼ਸਰ ਅਜੀਤ ਪਾਲ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਕੁਲਵਰਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸੁਪਰਡੈਂਟ ਬਹਾਦਰ ਸਿੰਘ, ਜ਼ਿਲ੍ਹਾ ਨਾਜਰ ਹਰਪਾਲ ਸਿੰਘ, ਪੀ.ਏ ਜਸਬੀਰ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Punjab Post Daily Online Newspaper & Print Media