ਨਵਾਂਸ਼ਹਿਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – 2013 ਬੈਚ ਦੇ ਆਈ.ਏ.ਐਸ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ
ਕਮਿਸ਼ਨਰ ਵਜੋਂ ਅਹੁੱਦਾ ਸੰਭਾਲ ਲਿਆ।ਇਸ ਤੋਂ ਪਹਿਲਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਉਹ ਡਾ. ਸ਼ੇਨਾ ਅਗਰਵਾਲ ਦੀ ਥਾਂ ਇਥੇ ਆਏ ਹਨ, ਜਿਨ੍ਹਾਂ ਨੂੰ ਮਿਊਂਸਪਲ ਕਮਿਸ਼ਨਰ ਪਠਾਨਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ।
ਵਿੱਦਿਅਕ ਯੋਗਤਾ ਪੱਖੋਂ ਉਨਾਂ ਨੇ ਥਾਪਰ ਯੂਨੀਵਰਸਿਟੀ ਤੋਂ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਆਈ.ਆਈ.ਟੀ ਬੰਬੇ ਤੋਂ ਐਮ.ਬੀ.ਏ ਕੀਤੀ ਹੋਈ ਹੈ।ਪ੍ਰਸ਼ਾਸਨਿਕ ਅਧਿਕਾਰੀ ਵਜੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਜਲੰਧਰ ਅਤੇ ਅੰਮ੍ਰਿਤਸਰ ਵਿਖੇ ਸੇਵਾਵਾਂ ਦੇਣ ਤੋਂ ਇਲਾਵਾ ਉਹ ਸਮਾਰਟ ਸਿਟੀ ਜਲੰਧਰ ਦੇ ਸੀ.ਈ.ਓ ਅਤੇ ਵਧੀਕ ਕਮਿਸ਼ਨਰ ਮਿਊਂਸਪਲ ਕਾਰਪੋਰੇਸ਼ਨ ਜਲੰਧਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
ਅਹੁੱਦਾ ਸੰਭਾਲਣ ਤੋਂ ਬਾਅਦ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਪਵਿੱਤਰ ਧਰਤੀ ਤੋਂ ਆਪਣੇ ਡਿਪਟੀ ਕਮਿਸ਼ਨਰ ਕਰੀਅਰ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨਾਲ ਜੁੜੇ ਇਸ ਜ਼ਿਲ੍ਹੇ ਵਿਚ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜ਼ਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਬੁਲੰਦੀਆਂ ’ਤੇ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੋਵੇਗੀ।ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਰਹਿਣਗੇ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਗਿਆ।ਡਾ. ਸ਼ੇਨਾ ਅਗਰਵਾਲ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ।
ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ, ਐਸ.ਪੀ ਪਿਰਥੀਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਜੀਤ ਪਾਲ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਕੁਲਵਰਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਆਦਿ ਅਧਿਕਾਰੀ ਸ਼ਾਮਲ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media