Sunday, April 19, 2026

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਕਿਹਾ, ਹੁਣ ਤੱਕ ਜ਼ਿਲ੍ਹੇ ਵਿੱਚ ਹੋਈ 9117 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸੁਚੱਜੀ ਅਤੇ ਨਿਰਵਿਘਨ ਖ਼ਰੀਦ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫਟਿੰਗ ਅਤੇ ਅਦਾਇਗੀ ਨਾਲੋ-ਨਾਲ ਕਰਨ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਲਈ 31 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 11070 ਮੀਟ੍ਰਿਕਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 9117 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਹੁਣ ਤੱਕ ਪਨਗ੍ਰੇਨ ਵੱਲੋਂ 3990 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 2502 ਮੀਟ੍ਰਿਕ ਟਨ, ਪਨਸਪ ਵੱਲੋਂ 1730, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 869 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 20 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 6 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਅਤੇ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜੇ ਬਗੈਰ ਇਸ ਦਾ ਯੋਗ ਪ੍ਰਬੰਧਨ ਕਰਨ।
                    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ, ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ, ਡੀ.ਐਫ.ਐਸ.ਸੀ ਮੈਡਮ ਮਧੂ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …