Friday, November 22, 2024

ਮੁੱਖ ਮੰਤਰੀ, ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਸਮੇਤ ਉਤਰ ਪ੍ਰਦੇਸ਼ ਪਹੁੰਚੇ ਵਿਧਾਇਕ ਅੰਗਦ ਸਿੰਘ

ਲਖੀਮਪੁਰ ਖੀਰੀ ਦੀ ਨਿਰਦਈ ਘਟਨਾ ਦੀ ਕੀਤੀ ਸਖ਼ਤ ਨਿਖੇਧੀ

ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਅੱਜ ਕਿਸਾਨਾਂ ਦੇ ਹੱਕਾਂ ਲਈ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਾਣ ਲਈ ਆਪਣੇ ਸਾਥੀਆਂ ਸਮੇਤ ਨਵਾਂਸ਼ਹਿਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ।ਜਿਥੋਂ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੈਬਨਿਟ ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਸਮੇਤ ਉਤਰ ਪ੍ਰਦੇਸ਼ ਲਈ ਚਾਲੇ ਪਾਏ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਗੱਡੀਆਂ ਦਾ ਵਿਸ਼ਾਲ ਕਾਫਲਾ ਉਥੇ ਪਹੁੰਚਿਆ ਹੈ।ਵਿਧਾਇਕ ਅੰਗਦ ਸਿੰਘ ਨੇ ਲਖੀਮਪੁਰ ਖੀਰੀ ਦੀ ਨਿਰਦਈ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਭੋਲੇ-ਭਾਲੇ ਕਿਸਾਨਾਂ ਨੂੰ ਇਕ ਗਿਣੀ-ਮਿੱਥੀ ਸਾਜਿਸ਼ ਤਹਿਤ ਦਰੜਨਾ ਉਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਦੇ ਮੱਥੇ ’ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਅਜਿਹੀਆਂ ਘਿਨਾਉਣੀਆਂ ਹਰਕਤਾਂ ਦੀ ਬਜ਼ਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਟਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …