
ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਦਸ਼ਮੇਸ਼ ਪਬਲਿਕ ਸਕੂਲ, ਕੋਟਾਂ ਲੁਧਿਆਣਾ ਲਈ ੫ ਲੱਖ ਦਾ ਚੈਕ ਦਿੱਤਾ। ਉਨ੍ਹਾਂ ਕਿਹਾ ਕਿ ਜੋ ਸਿੱਖ ਬੱਚੇ ਪੂਰਨ ਗੁਰਸਿੱਖ ਅੰਮ੍ਰਿਤਧਾਰੀ ਹਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਨੂੰ ਮੁਫ਼ਤ ਸਕੂਲੀ ਵਿਦਿਆ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਉਪਰਾਲੇ ਤਹਿਤ ਅੱਜ ਪੰਜ ਲੱਖ ਦਾ ਚੈਕ ਉਕਤ ਸਕੂਲ ਦੀ ਪ੍ਰਿੰਸੀਪਲ ਬੀਬੀ ਬਲਜਿੰਦਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਕੂਲ ਨੂੰ ਪਹਿਲੀ ਕਿਸ਼ਤ ਵਿੱਚ ਵੀ ਪੰਜ ਲੱਖ ਦਾ ਚੈਕ ਸੌਂਪਿਆ ਗਿਆ ਸੀ ਤੇ ਇਹ ਸਹਾਇਤਾ ਕੁੱਲ਼ ੮੫ ਸਕੂਲਾਂ ਨੂੰ ਦਿੱਤੀ ਜਾ ਰਹੀ ਹੈ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਅਸੀਂ ਆਪਣੇ ਬੱਚੇ ਬੱਚੀਆਂ ਨੂੰ ਸਿੱਖ ਇਤਿਹਾਸ ਤੇ ਸਿੱਖੀ ਵੱਲ ਜੁੜਨ ਲਈ ਪ੍ਰੇਰੀਏ। ਉਨ੍ਹਾਂ ਕਿਹਾ ਕਿ ਜੋ ਮਾਪੇ ਆਪਣੇ ਬੱਚਿਆਂ ਨੂੰ ਪ੍ਰੇਰ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਨਾਉਣਗੇ ਉਨ੍ਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦੁਆਰਾ ਚਲਾਏ ਜਾ ਰਹੇ ਸਕੂਲਾਂ ਵਿੱਚ ਮੁਫ਼ਤ ਵਿਦਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਕਾਲਜਾਂ ਵਿੱਚ ਉੱਚ ਵਿਦਿਆ ਦੇ ਇਲਾਵਾ ਬੱਚਿਆਂ ਨੂੰ ਗੁਰਮਤਿ ਵਿਦਿਆ ਅਤੇ ਖੇਡਾਂ ਵਿੱਚ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ ਤੇ ਜੋ ਸਿੱਖ ਬੱਚੇ ਆਪਣੀ ਕੌਮ ਤੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ ਉਨ੍ਹਾਂ ਨੂੰ ਸਿੱਖਾਂ ਦੀ ਇਸ ਨੁਮਾਇੰਦਾ ਜਥੇਬੰਦੀ ਵੱਲੋਂ ਸਮੇਂ-ਸਮੇਂ ਵਿਸ਼ੇਸ਼ ਸਨਮਾਨ ਦਿੱਤਾ ਜਾਂਦਾ ਹੈ।
ਇਸ ਮੌਕੇ ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ੍ਰ: ਮਨਜੀਤ ਸਿੰਘ ਮੈਂਬਰ, ਸ੍ਰ: ਦਲਮੇਘ ਸਿੰਘ, ਸ੍ਰ: ਰੂਪ ਸਿੰਘ, ਸ੍ਰ: ਮਨਜੀਤ ਸਿੰਘ, ਸ੍ਰ: ਸਤਬੀਰ ਸਿੰਘ ਸਕੱਤਰ, ਸ੍ਰ: ਪਰਮਜੀਤ ਸਿੰਘ ਸਰੋਆ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ, ਸ੍ਰ: ਬਿਜੈ ਸਿੰਘ, ਸ੍ਰ: ਜਸਪਾਲ ਸਿੰਘ ਮੀਤ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਸ੍ਰ: ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media