ਸਾਰੇ ਪ੍ਰਾਈਵੇਟ ਹਸਪਤਾਲਾਂ ਲਈ ਡੇਂਗੂ ਕੇਸਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਦੇਣੀ ਲਾਜ਼ਮੀ
ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ
ਵਿਭਾਗ ਨੇ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਇਥੇ ਇੰਡੀਆ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਲ੍ਹੇ ਅੰਦਰ ਡੇਂਗੂ ਦੇ ਵਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਇਹ ਅਤੀ ਜਰੂਰੀ ਹੈ ਕਿ ਬੁਖਾਰ ਤੋਂ ਪੀੜਤ ਹਰ ਮਰੀਜ਼ ਹਸਪਤਾਲਾਂ ਵਿੱਚ ਜਾ ਕੇ ਆਪਣੇ ਖੂਨ ਦੇ ਨਮੂਨੇ ਦਾ ਟੈਸਟ ਮੁਫਤ ਕਰਵਾਵੇ ਤਾਂ ਜੋ ਹਰ ਸ਼ੱਕੀ ਮਾਮਲੇ ਦੀ ਪੁਸ਼ਟੀ ਕਰਕੇ ਸਮੇਂ `ਤੇ ਇਲਾਜ਼ ਸ਼ੁਰੂ ਕੀਤਾ ਜਾ ਸਕੇ। ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਟੈਸਟ ਅਤੇ ਇਲਾਜ਼ ਦੀ ਸੁਵਿਧਾ ਮੁਫਤ ਵਿੱਚ ਉਪਲੱਬਧ ਹੈ।
ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕਰਦਿਆਂ ਸਪੱਸ਼ਟ ਕੀਤਾ ਕਿ ਡੇਂਗੂ ਸਬੰਧੀ ਇਲਾਈਜਾ ਟੈਸਟ ਹੀ ਪ੍ਰਮਾਣਿਤ ਹੈ।ਇਸ ਲਈ ਡੇਂਗੂ ਦੇ ਹਰ ਮਰੀਜ਼ ਦੀ ਪੁਸ਼ਟੀ ਇਲਾਈਜਾ ਟੈਸਟ ਕਰਨੀ ਯਕੀਨੀ ਬਣਾਈ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਦੇਣੀ ਜ਼ਰੂਰੀ ਹੈ।ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ‘ਤੇ ਕਿਸੇ ਵੀ ਹਸਪਤਾਲ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।ਉਨਾਂ ਦੱਸਿਆ ਕਿ ਡੇਂਗੂ ਦੀ ਜਾਂਚ ਲਈ ਲੋੜੀਂਦੀਆਂ ਕਿੱਟਾਂ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹਨ।
ਸਿਵਲ ਸਰਜਨ ਡਾ ਗੁਰਿਦਰਬੀਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਢੁੱਕਵੇਂ ਕਦਮ ਉਠਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਦਫਤਰਾਂ ਸਮੇਤ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਡੇਂਗੂ ਰੋਕੂ ਸਰਵੇ ਕੀਤਾ ਜਾ ਰਿਹਾ ਹੈ।ਸਿਹਤ ਵਿਭਾਗ ਦੀਆਂ ਟੀਮ ਵੱਲੋਂ ਘਰਾਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
Punjab Post Daily Online Newspaper & Print Media